ਡਾ. ਚੱਬੇਵਾਲ ਨੇ ਕੀਤੀ ਵਿਕਾਸ ਕਾਰਜਾਂ ਦੀ ਸਮੀਖਿਆ
ਐਮ.ਪੀ.ਡਾ. ਚੱਬੇਵਾਲ ਵੱਲੋਂ ਫਗਵਾੜਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ
Publish Date: Tue, 09 Jun 2026 07:11 PM (IST)
Updated Date: Tue, 09 Jun 2026 07:14 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹਲਕਾ ਫਗਵਾੜਾ ਦੇ ਸਮੁੱਚੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਐੱਸਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪਾਰਟੀ ਆਗੂਆਂ ਨਾਲ ਇਕ ਉੱਚ ਪੱਧਰੀ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਥੇ ਨਗਰ ਨਿਗਮ ਦਫ਼ਤਰ ਫਗਵਾੜਾ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਚੱਬੇਵਾਲ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਕ ਟੀਮ ਵਜੋਂ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਸਾਫ਼ ਵਿਖਾਈ ਦੇਣ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਕਰੀਬ 20 ਕਰੋੜ ਰੁਪਏ ਦੇ ਫੰਡ ਉਪਲਬਧ ਹਨ, ਜਿਨ੍ਹਾਂ ਨੂੰ ਜਲਦ ਸੁਚੱਜੇ ਢੰਗ ਨਾਲ ਖਰਚ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਰਿਵਿਊ ਦੌਰਾਨ ਕਈ ਵਿਭਾਗਾਂ ਦੇ ਕੰਮਾਂ ਵਿਚ ਪਾਈਆਂ ਗਈਆਂ ਕਮੀਆਂ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਦੀ ਸਖ਼ਤ ਹਦਾਇਤ ਕੀਤੀ ਤੇ ਕਿਹਾ ਕਿ ਠੀਕ ਦੋ ਹਫ਼ਤਿਆਂ ਬਾਅਦ ਦੁਬਾਰਾ ਰਿਵਿਊ ਮੀਟਿੰਗ ਕਰਕੇ ਪ੍ਰਗਤੀ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਸੀਵਰੇਜ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ ਤੇ ਸਾਫ਼-ਸਫ਼ਾਈ ਵਿਵਸਥਾ ਨੂੰ ਹਰ ਹਾਲ ਵਿਚ ਸੁਧਾਰ ਕੇ ਫਗਵਾੜਾ ਸ਼ਹਿਰ ਨੂੰ ਪੂਰੀ ਤਰ੍ਹਾਂ ਡੰਪ ਮੁਕਤ ਬਣਾਇਆ ਜਾਵੇ, ਭਾਵੇਂ ਇਸ ਮਕਸਦ ਲਈ ਜ਼ਮੀਨ ਐਕੁਆਇਰ ਕਰਨੀ ਪਵੇ ਜਾਂ ਕੋਈ ਹੋਰ ਵੱਡਾ ਕਦਮ ਚੁੱਕਣਾ ਪਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਲਈ ਡਿਪਟੀ ਮੇਅਰ ਤੇ ਪਿੰਡਾਂ ਵਿਚ ਬੀਡੀਪੀਓਜ਼ ਨੂੰ ਮੁਸਤੈਦ ਕੀਤਾ ਜਾਵੇ। ਸੜਕਾਂ ਦੇ ਨਿਰਮਾਣ ਸਬੰਧੀ ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਬਾਅਦ ਸਤੰਬਰ ਮਹੀਨੇ ਵਿਚ ਲੁੱਕ ਪਾਉਣ ਦਾ ਕੰਮ ਹਰ ਹਾਲ ਵਿਚ ਸ਼ੁਰੂ ਕੀਤਾ ਜਾਵੇ ਤੇ ਪੁਲਿਸ ਪ੍ਰਸ਼ਾਸਨ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਏ। ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦਾ ਐਲਾਨ ਕਰਦਿਆਂ ਡਾ. ਚੱਬੇਵਾਲ ਨੇ ਅਧਿਕਾਰੀਆਂ ਤੇ ਰਾਜਨੀਤਿਕ ਵਿੰਗ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਰਿਸ਼ਵਤਖੋਰੀ ਦੇ ਬਿਲਕੁਲ ਖ਼ਿਲਾਫ਼ ਹੈ ਤੇ ਕਿਸੇ ਵੀ ਪੱਧਰ ਤੇ ਗਲਤ ਕੰਮ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਕੰਮ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਨਾਲ ਕੀਤੇ ਜਾਣ ਤਾਂ ਜੋ ਸਰਕਾਰੀ ਫੰਡਾਂ ਦਾ 100 ਫ਼ੀਸਦੀ ਲਾਭ ਜਨਤਾ ਤੱਕ ਪਹੁੰਚ ਸਕੇ। ਇਸ ਮੌਕੇ ਮੇਅਰ ਨਗਰ ਨਿਗਮ ਫਗਵਾੜਾ ਰਾਮਪਾਲ ਉੱਪਲ, ਚੇਅਰਮੈਨ ਇੰਪਰੂਵਮੈਂਟ ਟਰਸਟ ਜਰਨੈਲ ਨੰਗਲ ਚੇਅਰਮੈਨ ਮਾਰਕੀਟ ਕਮੇਟੀ ਤਵਿੰਦਰ ਰਾਮ, ਸੰਗਠਨ ਇੰਚਾਰਜ ਗੁਰਦੀਪ ਦੀਪਾ ਤੇ ਹੋਰ ਹਾਜ਼ਰ ਸਨ।