ਫਗਵਾੜਾ ਦੇ ਵਿਕਾਸ ਕਾਰਜ ਤੇਜ਼ੀ ਨਾਲ ਮੁਕੰਮਲ ਕੀਤਾ ਜਾਣ : ਡਾ. ਰਾਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Publish Date: Thu, 24 Sep 2026 06:51 PM (IST)
Updated Date: Thu, 24 Sep 2026 06:54 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਫਗਵਾੜਾ, ਪੰਜਾਬ ਮੰਡੀ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫਗਵਾੜਾ ਵਿੱਚ ਚੱਲ ਰਹੇ ਸਾਰੇ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਕਾਰਜ ਨਿਰਧਾਰਤ ਸਮਾਂ-ਸੀਮਾ, ਗੁਣਵੱਤਾ ਮਾਪਦੰਡਾਂ ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਮੁਕੰਮਲ ਕੀਤੇ ਜਾਣ। ਫਗਵਾੜਾ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਚੱਬੇਵਾਲ ਨੇ ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਰਾਮਪਾਲ ਉੱਪਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਐੱਸਪੀ ਗੌਰਵ ਤੂਰਾ ਤੇ ਏਡੀਸੀ ਰਣਦੀਪ ਸਿੰਘ ਹੀਰ ਨਾਲ ਮਿਲ ਕੇ ਫਗਵਾੜਾ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕਈ ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਾ ਹੋਵੇ। ਸੰਸਦ ਮੈਂਬਰ ਨੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਗਠਿਤ ਕਰਨ ਲਈ ਕਿਹਾ, ਜੋ ਫਗਵਾੜਾ ਵਿੱਚ ਮੁਕੰਮਲ ਹੋ ਚੁੱਕੇ ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਂਚ ਕਰੇਗੀ। ਕਮੇਟੀ ਵੱਲੋਂ ਪ੍ਰਾਜੈਕਟਾਂ ਦੀ ਜ਼ਮੀਨੀ ਪ੍ਰਗਤੀ ਦਾ ਜਾਇਜ਼ਾ ਲੈਣ, ਰੁਕਾਵਟਾਂ ਦੀ ਪਛਾਣ ਕਰਨ, ਕੰਮ ਦੀ ਗੁਣਵੱਤਾ ਦੀ ਜਾਂਚ ਕਰਨ ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਜਿੱਥੇ ਵੀ ਲੋੜ ਹੋਵੇ, ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਗਲੀਆਂ-ਨਾਲੀਆਂ ਦੀ ਉਸਾਰੀ, ਸੜਕਾਂ ਨੂੰ ਚੌੜਾ ਕਰਨਾ, ਸਟ੍ਰੀਟ ਲਾਈਟਾਂ ਲਗਾਉਣ, ਛੱਪੜਾਂ ਦੀ ਸਾਫ-ਸਫਾਈ ਤੇ ਨਵੀਨੀਕਰਨ, ਆਂਗਣਵਾੜੀ ਕੇਂਦਰਾਂ, ਹੈੱਲਥ ਐਂਡ ਵੈਲਨੈੱਸ ਸੈਂਟਰਾਂ, ਓਪਨ ਜਿੰਮਾਂ ਤੇ ਪਿੰਡ ਪੱਧਰ ਦੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਗ੍ਰਾਮ ਪੰਚਾਇਤਾਂ ਨਾਲ ਨਿਯਮਤ ਤਾਲਮੇਲ ਬਣਾਈ ਰੱਖਣ ਤੇ ਵਿਕਾਸ ਕਾਰਜਾਂ ਨੂੰ ਲਾਗੂ ਕਰਦਿਆਂ ਉਨ੍ਹਾਂ ਨੂੰ ਭਰੋਸੇ ਵਿੱਚ ਲੈਣ ਲਈ ਵੀ ਕਿਹਾ। ਨੌਜਵਾਨਾਂ ਲਈ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਅਗਲੇ 15 ਦਿਨਾਂ ਦੇ ਅੰਦਰ ਫਗਵਾੜਾ ਵਿੱਚ ਛੇ ਨਵੇਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸਥਾਨਕ ਪੱਧਰ ’ਤੇ ਆਧੁਨਿਕ ਤੇ ਸੁਖਾਲੀਆਂ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਤੇ ਸਰੀਰਕ ਗਤੀਵਿਧੀਆਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖੇਡ ਮੈਦਾਨਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਲੋਕਾਂ ਲਈ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਾ. ਚੱਬੇਵਾਲ ਨੇ ਦੱਸਿਆ ਕਿ ਫਗਵਾੜਾ ਵਿੱਚ ਚਾਰ ਨਵੇਂ ਆਮ ਆਦਮੀ ਕਲੀਨਿਕ ਵੀ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸਥਾਨਕ ਮੁੱਢਲੀ ਸਿਹਤ ਸੇਵਾਵਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਤੇ ਵਸਨੀਕਾਂ ਨੂੰ ਮੁਫ਼ਤ ਓਪੀਡੀ ਸਲਾਹ, ਦਵਾਈਆਂ ਸਮੇਤ ਹੋਰ ਸਿਹਤ ਸਹੂਲਤਾਂ ਆਸਾਨੀ ਨਾਲ ਉਪਲਬਧ ਕਰਵਾਉਣਗੇ। ਉਨ੍ਹਾਂ ਐੱਨਐੱਚਏਆਈ ਦੇ ਜਲੰਧਰ-ਲੁਧਿਆਣਾ ਡਿਵੀਜ਼ਨਾਂ ਨੂੰ ਫਗਵਾੜਾ ਵਿੱਚ ਹਾਈਵੇਅ ਦੇ ਪੂਰੇ ਹਿੱਸੇ ’ਤੇ ਸਟਰੀਟ ਲਾਈਟਾਂ ਦੇ ਚਾਲੂ ਰਹਿਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਿਹਾ।