ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਾ. ਰਾਜ ਨੇ ਲਿਆ ਜਾਇਜ਼ਾ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਐਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਲਿਆ ਜਾਇਜ਼ਾ
Publish Date: Fri, 23 Oct 2026 07:49 PM (IST)
Updated Date: Fri, 23 Oct 2026 07:51 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ੋਭਾ ਯਾਤਰਾ ਨੂੰ ਸੁਚਾਰੂ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸੰਸਦ ਮੈਂਬਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਸਮਾਗਮ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਟ੍ਰੈਫਿਕ ਦੇ ਬਦਲਵੇਂ ਰੂਟਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਤੇ ਹੋਰ ਜ਼ਰੂਰੀ ਸਹੂਲਤਾਂ ਸਬੰਧੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ ’ਤੇ ਸਹੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਮਹਿਲਾ ਸ਼ਰਧਾਲੂਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤੇ ਸ਼ੋਭਾ ਯਾਤਰਾ ਦੇ ਰੂਟ ’ਤੇ ਲੋੜੀਂਦੀ ਗਿਣਤੀ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਅੰਤ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੇ ਸਮੂਹ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਉਤਸਵ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਪੂਰੀ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਪ੍ਰਸ਼ਾਸਨ ਸ਼ੋਭਾ ਯਾਤਰਾ ਨੂੰ ਸ਼ਾਂਤੀਪੂਰਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤੇ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।