ਡਾ. ਚੱਬੇਵਾਲ ਨੇ ਬਜ਼ੁਰਗਾਂ ਲਈ ਮੈਡੀਕਲ ਜਾਂਚ ਕੈਂਪ ਦਾ ਕੀਤਾ ਉਦਘਾਟਨ ਐਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿੱਚ ਬਜ਼ੁਰਗਾਂ ਲਈ ਮੈਡੀਕਲ ਜਾਂਚ ਕੈਂਪ ਦਾ ਕੀਤਾ ਉਦਘਾਟਨ
Publish Date: Tue, 27 Oct 2026 06:34 PM (IST)
Updated Date: Tue, 27 Oct 2026 06:37 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਰਕਾਰ ਦੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਪ੍ਰੋਗਰਾਮ ਤਹਿਤ ਮੰਗਲਵਾਰ ਨੂੰ ਫਗਵਾੜਾ ਵਿਖੇ ਬਜ਼ੁਰਗ ਨਾਗਰਿਕਾਂ ਲਈ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਹ ਕੈਂਪ ਬਜ਼ੁਰਗ ਨਾਗਰਿਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ। ਇਸ ਦੌਰਾਨ ਬਿਮਾਰੀਆਂ ਦੀ ਮੁੱਢਲੇ ਪੜਾਅ ਤੇ ਪਛਾਣ ਕਰਨ, ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਤੇ ਬਜ਼ੁਰਗਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸੁਰੱਖਿਅਤ, ਸਿਹਤਮੰਦ ਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਬਜ਼ੁਰਗਾਂ ਨੂੰ ਆਪਣੀ ਸਿਹਤ ਦੀ ਜਾਂਚ ਕਰਵਾਉਣ, ਸੰਭਾਵੀ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਤੇ ਲੋੜ ਅਨੁਸਾਰ ਡਾਕਟਰੀ ਸਲਾਹ ਤੇ ਇਲਾਜ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗੈਰ-ਸੰਚਾਰੀ ਬਿਮਾਰੀਆਂ (ਐੱਨਸੀਡੀ) ਦੀ ਜਾਂਚ, ਮੋਤੀਆਬਿੰਦ ਦੇ ਆਪਰੇਸ਼ਨ ਲਈ ਮੁੱਢਲਾ ਮੁਲਾਂਕਣ, ਕੈਂਸਰ ਦੀ ਜਾਂਚ, ਹੱਡੀਆਂ ਤੇ ਜੋੜਾਂ ਦੀ ਜਾਂਚ, ਅੱਖਾਂ ਦੀ ਜਾਂਚ ਤੇ ਫਿਜ਼ੀਓਥੈਰੇਪੀ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਸਮੁੱਚੇ ਤੌਰ ਤੇ ਧਿਆਨ ਵਿੱਚ ਰੱਖਦਿਆਂ ਮਾਨਸਿਕ ਸਿਹਤ ਤੇ ਮਨੋਵਿਗਿਆਨਕ ਤੰਦਰੁਸਤੀ ਦਾ ਮੁਲਾਂਕਣ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀਐੱਸਐੱਸਓ) ਰਾਜੀਵ ਧਾਂਡਾ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀਡੀਪੀਓ) ਰਾਜਵਿੰਦਰ ਕੌਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।