ਡਾ. ਰਾਜ ਨੇ ਫ੍ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ ਐੱਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫ੍ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ
Publish Date: Sun, 15 Nov 2026 07:40 PM (IST)
Updated Date: Sun, 15 Nov 2026 07:42 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਐਤਵਾਰ ਨੂੰ ਪਿੰਡ ਵਜੀਦੋਵਾਲ ਵਿਖੇ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਤੇ ਨੌਜਵਾਨ ਪਹਿਲਵਾਨਾਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੇਡ ਸਟੇਡੀਅਮ ਬਣਾਉਣ ਤੇ ਸਰਕਾਰੀ ਕੁਸ਼ਤੀ ਕੋਚ ਤਾਇਨਾਤ ਕਰਨ ਦਾ ਐਲਾਨ ਕੀਤਾ। ਭਗਵਾਨ ਸ੍ਰੀ ਪਰਸ਼ੂਰਾਮ ਜੀ ਫ੍ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਦੇ ਪਹਿਲੇ ਮੁਕਾਬਲੇ ਦਾ ਉਦਘਾਟਨ ਕਰਦਿਆਂ ਡਾ. ਚੱਬੇਵਾਲ ਨੇ ਰਵਾਇਤੀ ਕੁਸ਼ਤੀ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ, ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਐੱਮਪੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪ੍ਰਸਤਾਵਿਤ ਸਟੇਡੀਅਮ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਤੇ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਤਿਆਰ ਕਰਨ ਲਈ ਸਬੰਧਤ ਅਧਿਕਾਰੀ ਜਲਦ ਹੀ ਪਿੰਡ ਵਜੀਦੋਵਾਲ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸਰਕਾਰੀ ਕੁਸ਼ਤੀ ਕੋਚ ਦੀ ਤਾਇਨਾਤੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਮੁੱਖ ਯੋਜਨਾ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਯੋਜਨਾ ਰਾਹੀਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤੇ ਉੱਭਰ ਰਹੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਨਿਖਾਰਨ ਲਈ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਬਣਾਏ ਜਾਣ ਵਾਲੇ 3,100 ਖੇਡ ਮੈਦਾਨਾਂ ਵਿੱਚੋਂ 1,765 ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਤੇ ਤੰਦਰੁਸਤੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਭਗ 6,000 ਜਿਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਸਿਰਫ਼ ਖੇਡ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੀ ਨਹੀਂ, ਸਗੋਂ ਇੱਕ ਸਿਹਤਮੰਦ ਤੇ ਅਨੁਸ਼ਾਸਿਤ ਪੀੜ੍ਹੀ ਦਾ ਨਿਰਮਾਣ ਕਰਨਾ ਵੀ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਸਮਰਪਣ ਤੇ ਲਗਨ ਵਰਗੇ ਗੁਣ ਪੈਦਾ ਕਰਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਵੀ ਮਿਲਦੇ ਹਨ। ਉਨ੍ਹਾਂ ਕਿਹਾ ਕਿ ਕੁਸ਼ਤੀ ਵਰਗੀਆਂ ਰਵਾਇਤੀ ਖੇਡਾਂ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਅਹਿਮ ਹਿੱਸਾ ਹਨ ਤੇ ਇਨ੍ਹਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ, ਕੋਚਿੰਗ ਤੇ ਨਿਯਮਤ ਮੁਕਾਬਲਿਆਂ ਰਾਹੀਂ ਹੋਰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਢੁੱਕਵੇਂ ਮੌਕੇ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਮੇਅਰ ਰਾਮਪਾਲ ਉਪਲ, ਸਾਬਕਾ ਸਰਪੰਚ ਓਮ ਪ੍ਰਕਾਸ ਵਜੀਦੋਵਾਲ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।