ਸੀਵਰੇਜ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 91 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਐਮ.ਪੀ. ਡਾ. ਚੱਬੇਵਾਲ ਨੇ ਰੱਖਿਆ ਨੀਂਹ ਪੱਥਰ
Publish Date: Tue, 17 Nov 2026 06:39 PM (IST)
Updated Date: Tue, 17 Nov 2026 06:42 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਸ਼ਹਿਰ ਦੇ ਪੁਰਾਣੇ ਇਲਾਕਿਆਂ ਵਿੱਚ ਸ਼ੁਮਾਰ ਗੁਰੂ ਨਾਨਕ ਨਗਰ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਅੱਜ 91 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰਾਜੈਕਟ ਤਹਿਤ ਸਮੁੱਚੇ ਇਲਾਕੇ ਵਿੱਚ ਲਗਭਗ 2500 ਮੀਟਰ ਲੰਬੀ ਸੀਵਰੇਜ ਪਾਈਪਲਾਈਨ ਵਿਛਾਈ ਜਾਵੇਗੀ, ਜਿਸ ਵਿੱਚ 10 ਤੋਂ 12 ਇੰਚ ਵਿਆਸ ਵਾਲੀਆਂ ਪਾਈਪਾਂ ਲਗਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਡੇਢ ਮਹੀਨੇ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਇਲਾਕਾ ਨਿਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਅਤੇ ਨਾਕਾਫ਼ੀ ਸੀਵਰੇਜ ਸਹੂਲਤਾਂ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਗੁਰੂ ਨਾਨਕ ਨਗਰ ਦੇ ਵਸਨੀਕ ਪਿਛਲੇ ਕਈ ਦਹਾਕਿਆਂ ਤੋਂ ਢੁੱਕਵੀਂ ਸੀਵਰੇਜ ਸਹੂਲਤ ਦੀ ਘਾਟ ਨਾਲ ਜੂਝ ਰਹੇ ਸਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਇਲਾਕੇ ਦੇ ਦੌਰੇ ਦੌਰਾਨ ਵਸਨੀਕਾਂ ਨੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਸੀ ਅਤੇ ਸੀਵਰੇਜ ਪ੍ਰਬੰਧ ਨਾ ਹੋਣ ਕਾਰਨ ਆ ਰਹੀਆਂ ਦਿੱਕਤਾਂ ਬਾਰੇ ਵਿਸਥਾਰ ਨਾਲ ਦੱਸਿਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਵਿੱਚ ਵੱਡਾ ਸੁਧਾਰ ਹੋਵੇਗਾ, ਸੀਵਰੇਜ ਪ੍ਰਣਾਲੀ ਮਜ਼ਬੂਤ ਹੋਵੇਗੀ ਤੇ ਇਲਾਕਾ ਨਿਵਾਸੀਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮਿਲੇਗਾ।