ਸੁਵਿਧਾ ਸੈਂਟਰ ਦਾ ਦਾ ਕੀਤਾ ਨਿਰੀਖਣ ਫਗਵਾੜਾ ਦੇ ਸਬ-ਡਵੀਜ਼ਨਲ ਕੰਪਲੈਕਸ ਅਤੇ ਸੁਵਿਧਾ ਸੈਂਟਰ ਦਾ ਐਮ ਪੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਨਿਰੀਖਣ
Publish Date: Tue, 24 Nov 2026 06:39 PM (IST)
Updated Date: Tue, 24 Nov 2026 06:40 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਸਬ-ਡਿਵੀਜ਼ਨਲ ਕੰਪਲੈਕਸ ਤੇ ਸੁਵਿਧਾ ਸੈਂਟਰ ਦਾ ਨਿਰੀਖਣ ਕਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਸਫ਼ਾਈ ਦੇ ਪੁਖ਼ਤਾ ਪ੍ਰਬੰਧ, ਜਨਤਕ ਪਖਾਨਿਆਂ ਦੀ ਸਾਂਭ-ਸੰਭਾਲ, ਬੈਠਣ ਲਈ ਲੋੜੀਂਦੀਆਂ ਕੁਰਸੀਆਂ ਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਡਾ. ਰਾਮਪਾਲ ਉੱਪਲ, ਐੱਸਡੀਐੱਮ ਡਾ. ਨਵਜੋਤ ਸ਼ਰਮਾ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਵੀ ਮੌਜੂਦ ਸਨ। ਨਿਰੀਖਣ ਦੌਰਾਨ ਡਾ. ਚੱਬੇਵਾਲ ਨੇ ਕੰਪਲੈਕਸ ਵਿੱਚ ਪਖਾਨਿਆ ਦੀ ਮਾੜੀ ਹਾਲਤ ਦਾ ਨੋਟਿਸ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਤੇ ਸਫ਼ਾਈ ਪ੍ਰਬੰਧਾਂ ਵਿੱਚ ਸੁਧਾਰ ਲਈ 10 ਲੱਖ ਰੁਪਏ ਜਾਰੀ ਕੀਤੇ। ਇਸ ਰਾਸ਼ੀ ਨਾਲ ਪਿਸ਼ਾਬ ਘਰਾਂ ਤੇ ਕੰਪਲੈਕਸ ਦੇ ਵਿਹੜੇ ਦੀ ਸਫ਼ਾਈ ਸਮੇਤ ਹੋਰ ਲੋੜੀਂਦੇ ਕੰਮ ਕਰਵਾਏ ਜਾਣਗੇ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਲੋਕ-ਪੱਖੀ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸੁਵਿਧਾ ਸੈਂਟਰ ਵਿੱਚ ਲੋਕਾਂ ਦੇ ਬੈਠਣ ਦੀ ਸਮਰੱਥਾ ਵਧਾਉਣ ਲਈ ਵਾਧੂ ਕੁਰਸੀਆਂ ਲਗਾਉਣ ਦੀ ਹਦਾਇਤ ਵੀ ਕੀਤੀ, ਤਾਂ ਜੋ ਆਪਣੀ ਵਾਰੀ ਦੀ ਉਡੀਕ ਕਰ ਰਹੇ ਲੋਕ ਆਰਾਮ ਨਾਲ ਬੈਠ ਸਕਣ। ਲੋਕ ਸੇਵਾਵਾਂ ਵਿੱਚ ਹੋਰ ਸੁਧਾਰ ਦੀ ਲੋੜ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਨੂੰ ਲੋਕਾਂ ਦੀਆਂ ਲੋੜਾਂ ਪ੍ਰਤੀ ਜਵਾਬਦੇਹ ਰਹਿਣਾ ਚਾਹੀਦਾ ਹੈ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਨੂੰ ਸਰਕਾਰੀ ਕੰਮਕਾਜ ਲਈ ਆਉਣ ਸਮੇਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਿਲਣ ਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।