ਡਾ. ਰਾਜ ਨੇ ਫਗਵਾੜਾ ’ਚ ਹੋਣ ਵਾਲੇ ਡਰੋਨ ਸ਼ੋਅ ਦਾ ਲਿਆ ਜਾਇਜ਼ਾ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Sat, 29 Aug 2026 07:46 PM (IST)
Updated Date: Sat, 29 Aug 2026 07:49 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਸਤੰਬਰ ਨੂੰ ਬਾਬਾ ਗਦੀਆ ਸਟੇਡੀਅਮ, ਫਗਵਾੜਾ ਵਿਖੇ ਕਰਵਾਏ ਜਾ ਰਹੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਐੱਸਪੀ ਗੌਰਵ ਤੂਰਾ, ਏਡੀਸੀ ਰਣਦੀਪ ਸਿੰਘ ਹੀਰ, ਐੱਸਡੀਐੱਮ ਡਾ. ਨਵਜੋਤ ਸ਼ਰਮਾ ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। ਡਾ. ਚੱਬੇਵਾਲ ਨੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਮਿਲ ਕੇ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਪ੍ਰੋਗਰਾਮ ਨੂੰ ਸੁਚੱਜੇ, ਸੁਰੱਖਿਅਤ ਤੇ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਪਹਿਲਾ ਸ਼ੋਅ 1 ਸਤੰਬਰ ਨੂੰ ਫਗਵਾੜਾ ਵਿਖੇ ਹੋ ਰਿਹਾ ਹੈ। ਐੱਮਪੀ ਨੇ ਅਧਿਕਾਰੀਆਂ ਨੂੰ ਆਮ ਲੋਕਾਂ ਦੀ ਸੁਵਿਧਾ ਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਭਰੋਸਾ ਦਿਵਾਇਆ ਕਿ ਸਮੇਂ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਜਾਣਗੇ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਡਰੋਨ ਸ਼ੋਅ ਨੂੰ ਸਫ਼ਲ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਕੰਮ ਕਰੇਗਾ।