ਡਾ. ਰਾਜ ਨੇ ਸਿਵਲ ਹਸਪਤਾਲ ’ਚ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ
Publish Date: Thu, 10 Sep 2026 07:51 PM (IST)
Updated Date: Thu, 10 Sep 2026 07:52 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਨੂੰ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ, ਫਗਵਾੜਾ ਵਿਖੇ ਚਲਾਈ ਜਾ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਮੇਅਰ ਰਾਮਪਾਲ ਉੱਪਲ, ਐੱਮਸੀ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਾ. ਚੱਬੇਵਾਲ ਨੇ ਦੱਸਿਆ ਕਿ ਸ਼ਹਿਰਾਂ ਨੂੰ ਸੁੰਦਰ ਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ 29 ਅਗਸਤ ਤੋਂ ਪੂਰੇ ਪੰਜਾਬ ਵਿੱਚ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਲੋਕਾਂ ਲਈ ਰਹਿਣ-ਸਹਿਣ ਦਾ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਤੇ ਕੂੜੇ ਦਾ ਯੋਗ ਨਿਪਟਾਰਾ ਕਰਨ ਲਈ ਜਾਗਰੂਕ ਕਰਨ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰਿਹਾਇਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ਨੂੰ ਸਾਫ਼ ਰੱਖ ਕੇ ਤੇ ਕੂੜਾ ਕੇਵਲ ਨਿਰਧਾਰਤ ਥਾਵਾਂ ਤੇ ਹੀ ਸੁੱਟ ਕੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਾ. ਚੱਬੇਵਾਲ ਨੇ ਕਿਹਾ ਕਿ ਸਫ਼ਾਈ ਇੱਕ ਸਾਂਝੀ ਜ਼ਿੰਮੇਵਾਰੀ ਹੈ ਤੇ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਾਗਰਿਕਾਂ ਦੀ ਲਗਾਤਾਰ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਫਗਵਾੜਾ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸੁੰਦਰ ਬਣਾਉਣ ਲਈ ਮਿਲ ਕੇ ਕੰਮ ਕਰਨ।