ਡਾ. ਚੱਬੇਵਾਲ ਨੇ ਸੀਐੱਮ ਤੋਂ ਫਗਵਾੜਾ ਲਈ ਮੰਗੇ 10 ਕਰੋੜ ਸਾਂਸਦ ਡਾ: ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਕੀਤੀ ਮੁਲਾਕਾਤ
Publish Date: Tue, 15 Sep 2026 09:03 PM (IST)
Updated Date: Tue, 15 Sep 2026 09:05 PM (IST)
ਡਾ. ਰਾਜ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਤੇ ਫਗਵਾੜਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ। ਡਾ. ਚੱਬੇਵਾਲ ਨੇ ਕਿਹਾ ਕਿ ਇਹ ਵਿਸ਼ੇਸ਼ ਗ੍ਰਾਂਟ ਨਗਰ ਨਿਗਮ ਫਗਵਾੜਾ ਨੂੰ ਪਹਿਲ ਦੇ ਆਧਾਰ ਤੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ, ਸੜਕਾਂ ਤੇ ਹੋਰ ਨਾਗਰਿਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਜਨਤਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਤੇ ਸ਼ਹਿਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਸਕੱਤਰ ਘਨਸ਼ਿਆਮ ਥੋਰੀ ਨਾਲ ਵੀ ਮੀਟਿੰਗ ਕੀਤੀ ਤੇ ਨਗਰ ਨਿਗਮ, ਫਗਵਾੜਾ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਵਿਭਾਗ ਨੂੰ ਬਿਹਤਰ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਉਣ ਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਮੁੱਦਿਆਂ ਤੇ ਸਮੇਂ ਸਿਰ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਵਪਾਰਕ ਜ਼ਮੀਨ ਲਈ ਚੇਂਜ ਆਫ਼ ਲੈਂਡ ਯੂਜ਼ ਚਾਰਜਿਜ਼ ਨੂੰ ਤਰਕਸੰਗਤ ਬਣਾਉਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਵਿਭਾਗ ਨੂੰ ਮੌਜੂਦਾ ਚਾਰਜਿਜ਼ ਦੀ ਸਮੀਖਿਆ ਕਰਨ ਤੇ ਸਥਾਨਕ ਵਪਾਰੀਆਂ ਤੇ ਕਾਰੋਬਾਰੀਆਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ। ਸੰਸਦ ਮੈਂਬਰ ਨੇ ਨਗਰ ਨਿਗਮ, ਫਗਵਾੜਾ ਵਿੱਚ ਸਫ਼ਾਈ ਸੇਵਕਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਵੀ ਉਠਾਇਆ ਤੇ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਥਾਨਕ ਸਰਕਾਰਾਂ ਵਿਭਾਗ ਤੋਂ ਵਿਸ਼ੇਸ਼ ਪ੍ਰਵਾਨਗੀ ਮੰਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ, 2026 ਦੇ ਨੋਟੀਫਿਕੇਸ਼ਨ ਅਨੁਸਾਰ 134 ਸਫ਼ਾਈ ਸੇਵਕਾਂ ਨੂੰ ਇਨਸੋਰਸ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ਨੂੰ ਮੁਕੰਮਲ ਕਰਨ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ। ਡਾ. ਚੱਬੇਵਾਲ ਨੇ ਵਿਭਾਗ ਨੂੰ ਨਗਰ ਨਿਗਮ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵਾਧੂ ਦਫ਼ਤਰੀ ਸਟਾਫ਼ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਇਸ ਦੇ ਨਾਲ ਫਗਵਾੜਾ ਵਿੱਚ ਆਮ ਆਦਮੀ ਕਲੀਨਿਕ ਲਈ ਜਗ੍ਹਾ ਅਲਾਟ ਕਰਨ ਦੀ ਪ੍ਰਵਾਨਗੀ ਵੀ ਮੰਗੀ।