ਆਪ ਨੇ ਫੂਕਿਆ ਸੁਖਬੀਰ ਦਾ ਪੁਤਲਾ
ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਜੰਮਕੇ ਵਰ੍ਹੇ ਸੁਖਬੀਰ ਬਾਦਲ 'ਤੇ
Publish Date: Sat, 20 Jun 2026 08:50 PM (IST)
Updated Date: Sat, 20 Jun 2026 08:51 PM (IST)

ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਕਥਿਤ ਵੀਡੀਓ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ, ਨੂੰ ਲੈ ਕੇ ਪੰਜਾਬ ਦਾ ਰਾਜਨੀਤਿਕ ਮਾਹੌਲ ਕਾਫ਼ੀ ਗਰਮਾ ਗਿਆ ਹੈ। ਵੀਡੀਓ ਨੂੰ ਜਾਅਲੀ ਤੇ ਏਆਈ-ਜਨਰੇਟਡ ਪ੍ਰੋਪੇਗੰਡਾ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਅੱਜ ਸ਼ਹੀਦ ਭਗਤ ਸਿੰਘ ਚੌਕ ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਸਾੜਿਆ। ਆਗੂਆਂ ਨੇ ਵਿਰੋਧੀ ਧਿਰ ਤੇ ਮੁੱਖ ਮੰਤਰੀ ਦੇ ਅਕਸ ਨੂੰ ਖਰਾਬ ਕਰਨ ਲਈ ਘਟੀਆ ਹਥਕੰਡੇ ਅਪਣਾਉਣ ਦਾ ਦੋਸ਼ ਲਗਾਇਆ ਹੈ। ਵਿਰੋਧ ਪ੍ਰਦਰਸ਼ਨ ਦੌਰਾਨ ਆਪ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਪਹਿਲਾਂ ਹੀ ਵੀਡੀਓ ਸਬੰਧੀ ਸੱਚਾਈ ਦਾ ਖੁਲਾਸਾ ਕਰ ਚੁੱਕੇ ਹਨ। ਸਰਕਾਰ ਦਾ ਦਾਅਵਾ ਹੈ ਕਿ ਵੀਡੀਓ ਦੀ ਜਾਂਚ ਪੰਜਾਬ ਤੋਂ ਬਾਹਰ ਦੋ ਨਾਮਵਰ ਪ੍ਰਯੋਗਸ਼ਾਲਾਵਾਂ ਦੁਆਰਾ ਕੀਤੀ ਗਈ ਸੀ ਤੇ ਇਹ ਪੂਰੀ ਤਰ੍ਹਾਂ ਜਾਅਲੀ ਪਾਇਆ ਗਿਆ ਸੀ। ਵੀਡਿਓ ਫੁਟੇਜ ਵਿਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਦੇ ਅਸਲ ਕੱਦ ਤੋਂ ਇਕ ਇੰਚ ਲੰਬਾ ਹੈ, ਜੋ ਸਾਬਤ ਕਰਦਾ ਹੈ ਕਿ ਇਹ ਤਕਨਾਲੋਜੀ ਦੀ ਵਰਤੋਂ ਕਰਕੇ ਬਣਾਈ ਗਈ ਇਕ ਮਨਘੜੰਤ ਵੀਡੀਓ ਹੈ। ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਜੋ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ, ਨੇ ਕਿਹਾ ਕਿ ਵਿਰੋਧੀ ਪਾਰਟੀਆਂ (ਭਾਜਪਾ ਤੇ ਅਕਾਲੀ ਦਲ) ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨਾਲੋਜੀ ਦੀ ਦੁਰਵਰਤੋਂ ਕਰਨ ਤੇ ਝੂਠੀਆਂ ਤਸਵੀਰਾਂ ਪੇਸ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਲਈ ਮਿਲੀਭੁਗਤ ਕਰ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੇ ਬੋਲਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪਹਿਲਾਂ ਹੀ ਆਪਣਾ ਪੱਖ ਪੇਸ਼ ਕਰਨ ਲਈ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਕਰਮਵੀਰ ਸਿੰਘ ਚੰਦੀ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਸੀਨੀਅਰ ਆਗੂ ਕੰਵਰ ਇਕਬਾਲ ਸਿੰਘ ਤੇ ਅਹੁਦੇਦਾਰ ਮੌਜੂਦ ਸਨ।