ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਡਾ. ਰਾਜ ਵੱਲੋਂ ਜਾਇਜ਼ਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਸੰਸਦ ਮੈਂਬਰ ਵੱਲੋਂ ਜਾਇਜ਼ਾ
Publish Date: Tue, 24 Nov 2026 06:34 PM (IST)
Updated Date: Tue, 24 Nov 2026 06:37 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ ਕੱਢੀਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਇੱਕ ਦੀਆਂ ਤਿਆਰੀਆਂ ਦਾ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜਾਇਜ਼ਾ ਲਿਆ। ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਲੁਧਿਆਣਾ ਰਾਹੀਂ ਫਗਵਾੜਾ ਵਿਖੇ ਪਹੁੰਚੇਗੀ। ਇਸ ਦੇ ਸੁਚਾਰੂ, ਸ਼ਾਂਤਮਈ ਤੇ ਮਰਿਆਦਾਪੂਰਨ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੇਅਰ ਡਾ. ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਐੱਸਡੀਐੱਮ ਡਾ. ਨਵਜੋਤ ਸ਼ਰਮਾ ਸਮੇਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ, ਸ੍ਰੀ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਸੰਸਦ ਮੈਂਬਰ ਨੇ ਦੱਸਿਆ ਕਿ ਫਗਵਾੜਾ ਪੁਲਿਸ ਵੱਲੋਂ 3 ਦਸੰਬਰ ਨੂੰ ਗਾਂਧੀ ਚੌਕ ਵਿਖੇ ਸ਼ੋਭਾ ਯਾਤਰਾ ਨੂੰ ਰਸਮੀ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਮੌਕੇ ਦੀ ਧਾਰਮਿਕ ਤੇ ਸਮਾਜਿਕ ਮਹੱਤਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਕੱਢੀ ਜਾਵੇਗੀ, ਜੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਜਿਕ ਸਦਭਾਵਨਾ, ਸ਼ਾਂਤੀ, ਭਾਈਚਾਰੇ ਤੇ ਮਾਨਵਤਾ ਦੇ ਸੰਦੇਸ਼ ਨੂੰ ਦਰਸਾਏਗੀ। ਸ਼ੋਭਾ ਯਾਤਰਾ ਦੇ ਸੁਚਾਰੂ ਅਤੇ ਮਰਿਆਦਾਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੰਸਦ ਮੈਂਬਰ ਨੇ ਸਬੰਧਤ ਵਿਭਾਗਾਂ ਨੂੰ ਯਾਤਰਾ ਦੇ ਰੂਟ ’ਤੇ ਸੜਕਾਂ ਦੀ ਸਾਫ਼-ਸਫ਼ਾਈ ਅਤੇ ਮੁਰੰਮਤ ਦੇ ਨਾਲ-ਨਾਲ ਲੋੜ ਅਨੁਸਾਰ ਕਾਰਪੇਟਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਮੁਕੰਮਲ ਕਰਨ ਲਈ ਵੀ ਕਿਹਾ।