ਲਾਠੀਚਾਰਜ ਦੇ ਰੋਸ ਵਜੋਂ ਨੇ ਕੀਤੀ ਨਾਅਰੇਬਾਜ਼ੀ ਸਫਾਈ ਸੇਵਕਾਂ 'ਤੇ ਲਾਠੀਚਾਰਜ ਦੇ ਰੋਸ ਵਜੋਂ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ
Publish Date: Thu, 23 Jul 2026 09:47 PM (IST)
Updated Date: Thu, 23 Jul 2026 09:49 PM (IST)
--ਡੀਐੱਸਪੀ ਨੂੰ ਬਰਖਾਸਤ ਕਰਨ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਨਗਰ ਕੌਂਸਲ ਦਫ਼ਤਰ ਦੇ ਬਾਹਰ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਪੁਲਿਸ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਕਰ ਰਹੇ ਸਫ਼ਾਈ ਸੇਵਕਾਂ ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਸਫ਼ਾਈ ਸੇਵਕਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਸਫਾਈ ਸੇਵਕ ਪਿਛਲੇ ਕਈ ਮਹੀਨਿਆਂ ਤੋਂ ਪੱਕੇ ਕਰਨ, ਤਨਖਾਹਾਂ ਵਿੱਚ ਵਾਧਾ ਤੇ ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਗੱਲਬਾਤ ਕਰਨ ਦੀ ਬਜਾਏ ਦਮਨ ਦਾ ਰਾਹ ਅਪਣਾਇਆ ਜਾ ਰਿਹਾ ਹੈ। ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਬਰਨਾਲਾ ਵਿਖੇ ਹੋਇਆ ਲਾਠੀਚਾਰਜ ਕਿਸੇ ਇੱਕ ਜ਼ਿਲ੍ਹੇ ਦੀ ਘਟਨਾ ਨਹੀਂ, ਸਗੋਂ ਪੂਰੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਇਸ ਮਾਮਲੇ ਦਾ ਨੋਟਿਸ ਨਾ ਲਿਆ ਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਇਹ ਸੰਘਰਸ਼ ਹੋਰ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨੇ, ਨਾ ਕਿ ਉਨ੍ਹਾਂ ਤੇ ਲਾਠੀਆਂ ਚਲਵਾਏ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬਰਨਾਲਾ ਵਿਖੇ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਸਬੰਧਤ ਡੀਐੱਸਪੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਜ਼ਖਮੀ ਹੋਏ ਸਫ਼ਾਈ ਸੇਵਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਨਗਰ ਕੌਂਸਲ ਦੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਜੀਵ ਘਈ ਨੇ ਕਿਹਾ ਕਿ ਜੇਕਰ 7 ਦਿਨਾਂ ਦੇ ਅੰਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੁਲਤਾਨਪੁਰ ਲੋਧੀ ਸਮੇਤ ਪੂਰੇ ਪੰਜਾਬ ਵਿੱਚ ਨਗਰ ਕੌਂਸਲਾਂ ਦਾ ਕੰਮ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਹੁਣ ਹੋਰ ਜ਼ੁਲਮ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਸੰਜੀਵ ਘਈ, ਵਾਈਸ ਪ੍ਰਧਾਨ ਗੌਰਵ, ਸਨੀ ਨਾਹਰ, ਰਾਜ ਕੁਮਾਰ, ਰਿਸ਼ੀ, ਸ਼ੁਭਮ, ਗਗਨ ਨਾਹਰ, ਰਵੀ, ਰਾਕੇਸ਼ ਸਹੋਤਾ, ਬਿੱਟੂ, ਗੌਤਮ ਸ਼ਰਮਾ, ਵੀਨੇ, ਜੋਤੀ, ਕਿਰਨਾ, ਪਰਮਜੀਤ ਕੌਰ, ਸੁਮਨ, ਰਾਧਾ, ਮੀਨੂ ਤੇ ਹੋਰ ਸਫ਼ਾਈ ਸੇਵਕ ਹਾਜ਼ਰ ਸਨ।