ਤਲਵੰਡੀ ਰੋਡ ’ਤੇ ਨਗਰ ਕੌਂਸਲ ਦਾ ਚੱਲਿਆ ‘ਪੀਲਾ ਪੰਜਾ’, ਨਾਜਾਇਜ਼ ਕਬਜ਼ਿਆਂ ’ਤੇ ਕੱਸਿਆ ਸ਼ਿਕੰਜਾ ਤਲਵੰਡੀ ਰੋਡ ’ਤੇ ਨਗਰ ਕੌਂਸਲ ਦਾ ਚੱਲਿਆ ‘ਪੀਲਾ ਪੰਜਾ’, ਨਜਾਇਜ਼ ਕਬਜ਼ਿਆਂ ’ਤੇ ਕੱਸਿਆ ਸ਼ਿਕੰਜਾ
Publish Date: Fri, 17 Jul 2026 07:54 PM (IST)
Updated Date: Fri, 17 Jul 2026 07:55 PM (IST)
ਸੜਕਾਂ ਨੂੰ ਕਬਜ਼ਾ ਮੁਕਤ ਕਰਨ ਦੀ ਮੁਹਿੰਮ ਦਾ ਪੰਜਾਬ ਕਿਸਾਨ ਯੂਨੀਅਨ (ਬਾਗੀ) ਨੇ ਕੀਤਾ ਸਵਾਗਤ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼ਹਿਰ ਦੀਆਂ ਸੜਕਾਂ ’ਤੇ ਵਧ ਰਹੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਸੁਲਤਾਨਪੁਰ ਲੋਧੀ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਦੀ ਟੀਮ ਵੱਲੋਂ ਤਲਵੰਡੀ ਰੋਡ ’ਤੇ ਵੱਡੀ ਕਾਰਵਾਈ ਕਰਦਿਆਂ ਪੀਲੇ ਪੰਜੇ ਦੀ ਮਦਦ ਨਾਲ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ। ਇਸ ਕਾਰਵਾਈ ਤੋਂ ਬਾਅਦ ਤਲਵੰਡੀ ਰੋਡ ਨੇ ਖੁੱਲ੍ਹਾ ਸੁੱਖ ਦਾ ਸਾਹ ਲਿਆ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਕਿਸਾਨ ਯੂਨੀਅਨ (ਬਾਗੀ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਸਵਾਗਤ ਕਰਦਿਆਂ ਐੱਸਡੀਐੱਮ ਸੁਲਤਾਨਪੁਰ ਲੋਧੀ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਸੜਕਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਤਾਂ ਜੋ ਰਾਹਗੀਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀ ਮੁਸ਼ਕਲ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਰੇਹੜੀ-ਫੜ੍ਹੀ ਵਾਲਿਆਂ ਅਤੇ ਕਬਜ਼ਾਧਾਰੀਆਂ ਨੂੰ ਆਪਣੇ ਪੱਧਰ ’ਤੇ ਕਬਜ਼ੇ ਹਟਾਉਣ ਲਈ ਅਪੀਲ ਕੀਤੀ ਗਈ ਸੀ, ਪਰ ਕਈ ਥਾਵਾਂ ’ਤੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸ ਤੋਂ ਬਾਅਦ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਨਜਾਇਜ਼ ਕਬਜ਼ੇ ਹਟਾਏ ਗਏ। ਨਗਰ ਕੌਂਸਲ ਦੇ ਸੁਪਰਵਾਈਜ਼ਰ ਸੰਜੀਵ ਘਈ ਨੇ ਦੱਸਿਆ ਕਿ ਇਹ ਕਾਰਵਾਈ ਐੱਸਡੀਐੱਮ ਸੁਲਤਾਨਪੁਰ ਲੋਧੀ ਅਤੇ ਕਾਰਜ ਸਾਧਕ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਰੋਡ ਤੋਂ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਨਗਰ ਕੌਂਸਲ ਟੀਮ ਵੱਲੋਂ ਹਟਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੀਆਂ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਨਹੀਂ ਲੱਗਣ ਦਿੱਤੇ ਜਾਣਗੇ। ਪੰਜਾਬ ਕਿਸਾਨ ਯੂਨੀਅਨ (ਬਾਗੀ) ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਇਸੇ ਤਰ੍ਹਾਂ ਦੀ ਮੁਹਿੰਮ ਜਾਰੀ ਰੱਖੀ ਜਾਵੇ ਤਾਂ ਜੋ ਸੁਲਤਾਨਪੁਰ ਲੋਧੀ ਨੂੰ ਕਬਜ਼ਾ ਮੁਕਤ ਅਤੇ ਸੁਚਾਰੂ ਆਵਾਜਾਈ ਵਾਲਾ ਸ਼ਹਿਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਅਤੇ ਕਬਜ਼ਾ ਮੁਕਤ ਰੱਖਣਾ ਸਿਰਫ਼ ਪ੍ਰਸ਼ਾਸਨ ਹੀ ਨਹੀਂ, ਸਗੋਂ ਹਰ ਸ਼ਹਿਰ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ।