ਨਗਰ ਪਾਲਿਕਾ ਕਰਮਚਾਰੀ ਸੰਘ 11 ਤੋਂ ਲਾਏਗਾ ਅਣਮਿੱਥੇ ਸਮੇਂ ਦਾ ਧਰਨਾ ਕਰਮਚਾਰੀ ਸੰਘ ਵੱਲੋਂ 11 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ
Publish Date: Tue, 03 Nov 2026 09:01 PM (IST)
Updated Date: Tue, 03 Nov 2026 09:02 PM (IST)
ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ, ਨਗਰ ਨਿਗਮ ਪ੍ਰਸ਼ਾਸਨ ਨੂੰ ਸੰਘਰਸ਼ ਦੀ ਚਿਤਾਵਨੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਨਗਰ ਪਾਲਿਕਾ ਕਰਮਚਾਰੀ ਸੰਘ ਕਪੂਰਥਲਾ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ 11 ਨਵੰਬਰ 2026 ਤੋਂ ਨਗਰ ਨਿਗਮ ਕਪੂਰਥਲਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੰਘ ਵੱਲੋਂ ਡੀਸੀ ਅਕਾਸ਼ ਬਾਂਸਲ ਤੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੂੰ ਮੰਗ ਪੱਤਰ ਸੌਂਪ ਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ ਹੈ। ਸੰਘ ਵੱਲੋਂ ਉਠਾਈਆਂ ਗਈਆਂ ਮੰਗਾਂ ਵਿੱਚ 130 ਸਫ਼ਾਈ ਸੇਵਕਾਂ ਤੇ 45 ਸੀਵਰਮੈਨਾਂ ਦੀ ਭਰਤੀ ਦਾ ਮਾਮਲਾ ਪ੍ਰਮੁੱਖ ਹੈ। ਸੰਘ ਅਨੁਸਾਰ ਇਸ ਭਰਤੀ ਸਬੰਧੀ ਸਮੁੱਚੀ ਪ੍ਰਕਿਰਿਆ ਦਾ ਕੰਮ ਲਗਭਗ ਇੱਕ ਸਾਲ ਪਹਿਲਾਂ ਮੁਕੰਮਲ ਹੋ ਚੁੱਕਾ ਹੈ, ਪਰ ਅਜੇ ਤੱਕ ਨਗਰ ਨਿਗਮ ਵੱਲੋਂ ਭਰਤੀ ਨਹੀਂ ਕੀਤੀ ਗਈ। ਇਸ ਕਾਰਨ ਮੌਜੂਦਾ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਉੱਪਰ ਕੰਮ ਦਾ ਵਾਧੂ ਬੋਝ ਪੈ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਹਦਾਇਤਾਂ ਅਨੁਸਾਰ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਿੱਧੇ ਤੌਰ ਤੇ ਡੀਸੀ ਰੇਟਾਂ ਅਨੁਸਾਰ ਇਨਰੋਲ ਕਰਨ ਸਬੰਧੀ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ ਗਈ ਹੈ। ਸੰਘ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਕਈ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਵੱਲੋਂ ਇਸ ਸਬੰਧੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ, ਪਰ ਕਪੂਰਥਲਾ ਨਗਰ ਨਿਗਮ ਵੱਲੋਂ ਅਜੇ ਤੱਕ ਇਸ ਦਿਸ਼ਾ ਵਿੱਚ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਸੰਘ ਨੇ ਤਰਸ ਦੇ ਆਧਾਰ ਤੇ ਨੌਕਰੀ ਦੇਣ ਸਬੰਧੀ ਲੰਬਿਤ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਤਰੱਕੀਆਂ ਦੇ ਕੇਸਾਂ ਦਾ ਨਿਬੇੜਾ ਕਰਨ ਦੀ ਵੀ ਮੰਗ ਉਠਾਈ ਹੈ। ਸੰਘ ਦੇ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 11 ਨਵੰਬਰ 2026 ਤੋਂ ਨਗਰ ਨਿਗਮ ਕਪੂਰਥਲਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਇਸ ਦੀ ਸਮੁੱਚੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਦੀ ਹੋਵੇਗੀ।