ਪਾਵਨ ਨਗਰੀ ਨੂੰ ਨਸ਼ਾ ਮੁਕਤ ਬਣਾਉਣਾ ਮੇਰਾ ਮਿਸ਼ਨ : ਥਾਣਾ ਮੁਖੀ ਪਾਵਨ ਨਗਰੀ ਨੂੰ ਸਾਫ਼-ਸੁਥਰਾ ਤੇ ਨਸ਼ਾ ਮੁਕਤ ਬਣਾਉਣਾ ਮੇਰਾ ਮਿਸ਼ਨ : ਥਾਣਾ ਮੁਖੀ ਦਵਿੰਦਰਪਾਲ ਸਿੰਘ
Publish Date: Wed, 02 Sep 2026 09:17 PM (IST)
Updated Date: Thu, 03 Sep 2026 04:07 AM (IST)
ਕੈਪਸ਼ਨ: 2ਕੇਪੀਟੀ37 ਸੁਲਤਾਨਪੁਰ ਲੋਧੀ ਥਾਣੇ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਦਵਿੰਦਰਪਾਲ ਸਿੰਘ ਨੂੰ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਦਵਿੰਦਰ ਧੀਰ, ਰਕੇਸ਼ ਨੀਟੂ, ਜਗਦੀਪ ਸਹਿਲ, ਅਮਰਜੀਤ ਸਿੰਘ ਸੰਧੂ ਅਤੇ ਉਦਯੋਗਪਤੀ ਕਾਨਵਧੀਰ। ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਥਾਣੇ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਦਵਿੰਦਰ ਪਾਲ ਸਿੰਘ ਨਾਲ ਸੀਨੀਅਰ ਭਾਜਪਾ ਆਗੂ ਕਪੂਰਥਲਾ ਦਵਿੰਦਰ ਧੀਰ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਕੇਸ਼ ਨੀਟੂ, ਸੀਨੀਅਰ ਸਿਟੀਜ਼ਨ ਕਲੱਬ ਦੇ ਪ੍ਰਧਾਨ ਜਗਦੀਪ ਸਹਿਲ, ਅਮਰਜੀਤ ਸਿੰਘ ਸੰਧੂ ਅਤੇ ਉੱਘੇ ਉਦਯੋਗਪਤੀ ਕਾਨਵਧੀਰ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਵੱਲੋਂ ਇੰਸਪੈਕਟਰ ਦਵਿੰਦਰ ਪਾਲ ਸਿੰਘ ਨੂੰ ਗੁਲਦਸਤਾ ਭੇਟ ਕਰ ਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਨਵੀਂ ਨਿਯੁਕਤੀ ਲਈ ਵਧਾਈ ਤੇ ਮੁਬਾਰਕਬਾਦ ਦਿੱਤੀ ਗਈ। ਮੁਲਾਕਾਤ ਦੌਰਾਨ ਸ਼ਹਿਰ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਸਮੱਸਿਆ, ਚੋਰੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਤੋਂ ਇਲਾਵਾ ਟਰੈਫਿਕ ਵਿਵਸਥਾ, ਬਾਜ਼ਾਰਾਂ ਵਿੱਚ ਬੇਤਰਤੀਬ ਪਾਰਕਿੰਗ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਇੱਕ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੀ ਪਾਵਨ ਨਗਰੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਇੱਥੇ ਮਜ਼ਬੂਤ ਕਾਨੂੰਨ-ਵਿਵਸਥਾ ਅਤੇ ਸੁਰੱਖਿਅਤ ਮਾਹੌਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਆਗੂਆਂ ਨੇ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਸ਼ਾ ਤਸਕਰੀ ਅਤੇ ਚੋਰੀਆਂ ’ਤੇ ਸਖ਼ਤੀ ਕਰਨ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੜਕਾਂ ’ਤੇ ਟਰੈਫਿਕ ਵਿਵਸਥਾ ਸੁਚਾਰੂ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਵੀ ਵਿਅਕਤੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ ਜਾਂ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣਾ ਉਨ੍ਹਾਂ ਦੇ ਮਿਸ਼ਨ ਦਾ ਹਿੱਸਾ ਹੋਵੇਗਾ। ਇੰਸਪੈਕਟਰ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਲੋਕ ਆਪਣੇ ਇਲਾਕੇ ’ਚ ਨਸ਼ੇ ਦੀ ਵਿਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੁਰੱਖਿਆ ਤੇ ਸ਼ਹਿਰ ਦੀ ਸ਼ਾਂਤੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।