ਪਾਵਨ ਨਗਰੀ ਨੂੰ ਨਸ਼ਾ ਮੁਕਤ ਬਣਾਉਣਾ ਮੇਰਾ ਮਿਸ਼ਨ : ਐੱਸਐੱਚਓ ਪਾਵਨ ਨਗਰੀ ਨੂੰ ਸਾਫ਼-ਸੁਥਰਾ ਤੇ ਨਸ਼ਾ ਮੁਕਤ ਬਣਾਉਣਾ ਮੇਰਾ ਮਿਸ਼ਨ : ਥਾਣਾ ਮੁਖੀ ਦਵਿੰਦਰਪਾਲ ਸਿੰਘ
Publish Date: Thu, 03 Sep 2026 08:37 PM (IST)
Updated Date: Thu, 03 Sep 2026 08:40 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਥਾਣੇ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਦਵਿੰਦਰ ਪਾਲ ਸਿੰਘ ਨਾਲ ਸੀਨੀਅਰ ਭਾਜਪਾ ਆਗੂ ਕਪੂਰਥਲਾ ਦਵਿੰਦਰ ਧੀਰ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਕੇਸ਼ ਨੀਟੂ, ਸੀਨੀਅਰ ਸਿਟੀਜ਼ਨ ਕਲੱਬ ਦੇ ਪ੍ਰਧਾਨ ਜਗਦੀਪ ਸਹਿਲ, ਅਮਰਜੀਤ ਸਿੰਘ ਸੰਧੂ ਤੇ ਉੱਘੇ ਉਦਯੋਗਪਤੀ ਕਨਵ ਧੀਰ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਆਗੂਆਂ ਵੱਲੋਂ ਇੰਸਪੈਕਟਰ ਦਵਿੰਦਰ ਪਾਲ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਨਵੀਂ ਨਿਯੁਕਤੀ ਲਈ ਵਧਾਈ ਤੇ ਮੁਬਾਰਕਬਾਦ ਦਿੱਤੀ ਗਈ। ਮੁਲਾਕਾਤ ਦੌਰਾਨ ਸ਼ਹਿਰ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਸਮੱਸਿਆ, ਚੋਰੀਆਂ ਤੇ ਹੋਰ ਅਪਰਾਧਿਕ ਘਟਨਾਵਾਂ ਤੋਂ ਇਲਾਵਾ ਟਰੈਫਿਕ ਵਿਵਸਥਾ, ਬਾਜ਼ਾਰਾਂ ਵਿੱਚ ਬੇਤਰਤੀਬ ਪਾਰਕਿੰਗ ਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਹੋਰ ਅਹਿਮ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਇੱਕ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੀ ਪਾਵਨ ਨਗਰੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਇੱਥੇ ਮਜ਼ਬੂਤ ਕਾਨੂੰਨ-ਵਿਵਸਥਾ ਤੇ ਸੁਰੱਖਿਅਤ ਮਾਹੌਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਆਗੂਆਂ ਨੇ ਪੁਲਿਸ ਵੱਲੋਂ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਸ਼ਾ ਤਸਕਰੀ ਤੇ ਚੋਰੀਆਂ ’ਤੇ ਸਖ਼ਤੀ ਕਰਨ ਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੜਕਾਂ ’ਤੇ ਟਰੈਫਿਕ ਵਿਵਸਥਾ ਸੁਚਾਰੂ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ “ਮੈਂ ਇਸ ਪਾਵਨ ਨਗਰੀ ਨੂੰ ਸਾਫ਼-ਸੁਥਰਾ, ਸਪਸ਼ਟ, ਸਵੱਛ ਤੇ ਨਸ਼ਾ ਮੁਕਤ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗਾ ਤੇ ਇਸ ਮਕਸਦ ਨੂੰ ਪੂਰਾ ਕਰਕੇ ਹੀ ਦਮ ਲਵਾਂਗਾ।” ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਵੀ ਵਿਅਕਤੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ ਜਾਂ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਸੁਰੱਖਿਆ ਤੇ ਸ਼ਹਿਰ ਦੀ ਸ਼ਾਂਤੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।