ਨਰਿੰਦਰ ਸਿੰਘ ਮਨਸੂ ਨੇ ਕਪੂਰਥਲਾ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ ਨਰਿੰਦਰ ਸਿੰਘ ਮੰਨਸੂ ਨੇ ਕਪੂਰਥਲਾ ਦੇ ਮੇਅਰ ਵਜੋਂ ਅਹੁਦਾ ਸੰਭਾਲ਼ਿਆ
Publish Date: Fri, 10 Jul 2026 08:19 PM (IST)
Updated Date: Fri, 10 Jul 2026 08:21 PM (IST)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਕਪੂਰਥਲਾ ਦਾ ਕਰੇਗੀ ਸਰਬਪੱਖੀ ਵਿਕਾਸ : ਮੁੰਡੀਆਂ, ਚੱਬੇਵਾਲ ਮੇਅਰ ਨਰਿੰਦਰ ਮਨਸੂ ਨੇ ਕਪੂਰਥਲਾ ਨੂੰ ਮਾਡਲ ਤੇ ਕੂੜੇ ਦੇ ਢੇਰ ਮੁਕਤ ਸ਼ਹਿਰ ਬਣਾਉਣ ਦਾ ਲਿਆ ਸੰਕਲਪ ਮੱਲ੍ਹੀ/ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਸਥਾਨਕ ਨਗਰ ਨਿਗਮ ਦੇ ਨਵੇਂ ਚੁਣੇ ਮੇਅਰ ਨਰਿੰਦਰ ਸਿੰਘ ਮਨਸੂ ਨੇ ਅੱਜ ਇੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ’ਚ ਅਹੁਦਾ ਸੰਭਾਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਵਜੋਂ ਕਮਾਕਸ਼ੀ ਦੁੱਗਲ ਅਤੇ ਡਿਪਟੀ ਮੇਅਰ ਵਜੋਂ ਸਮੀਰ ਸ਼ਰਮਾ ਨੇ ਵੀ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਨਰਿੰਦਰ ਸਿੰਘ ਮਨਸੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਾਰਜ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਨੇਪਰੇ ਚਾੜ੍ਹਣਗੇ ਅਤੇ ਨਗਰ ਨਿਗਮ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਨਾਲ ਕੰਮ ਦਾ ਦਾਇਰਾ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਜਨਤਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਸੁਖਾਲੇ ਢੰਗ ਨਾਲ ਨਾਗਰਿਕ ਸੇਵਾਵਾਂ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਫ਼ਾਈ ਨੂੰ ਆਪਣੀ ਪ੍ਰਮੁੱਖ ਤਰਜੀਹਾਂ ਵਿਚੋਂ ਇੱਕ ਦੱਸਦਿਆਂ ਨਵੇਂ ਚੁਣੇ ਗਏ ਮੇਅਰ ਨੇ ਕਿਹਾ ਕਿ ਕੂੜਾ ਪ੍ਰਬੰਧਨ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ ਜਿਸ ਨਾਲ ਕਪੂਰਥਲਾ ਨੂੰ ਕੂੜਾ-ਕਰਕਟ ਮੁਕਤ ਅਤੇ ਮਾਡਲ ਸ਼ਹਿਰ ਬਣਾਉਣਾ ਸੰਭਵ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਬਰਦਾਸ਼ਤਯੋਗ ਨਹੀਂ ਹੋਵੇਗੀ ਅਤੇ ਅਜਿਹੀਆਂ ਕਾਰਵਾਈਆਂ ’ਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਚੁਣੇ ਗਏ ਮੇਅਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਵਿਕਾਸ ਵਿਚ ਵੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿਰਾਸਤੀ ਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਸੱਜਣ ਸਿੰਘ ਚੀਮਾ, ਸੀਨੀਅਰ ਆਮ ਆਦਮੀ ਪਾਰਟੀ ਆਗੂ ਪਰਵਿੰਦਰ ਸਿੰਘ ਢੋਟ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਜ਼ਿਲ੍ਹੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।