ਰਾਸ਼ਟਰੀ ਸਿੱਖਿਆ ਨੀਤੀ ਸਿੱਖਿਆ ਪ੍ਰਣਾਲੀ ’ਚ ਇਕ ਨਵਾਂ ਮੋੜ ਲਿਆਏਗੀ : ਡਾ. ਮਿੱਤਲ
ਰਾਸ਼ਟਰੀ ਸਿੱਖਿਆ ਨੀਤੀ ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵਾਂ ਮੋੜ ਲਿਆਉਣ ਵਾਲਾ ਦਸਤਾਵੇਜ਼: ਪ੍ਰੋ. (ਡਾ.) ਸੁਸ਼ੀਲ ਮਿੱਤਲ
Publish Date: Thu, 02 Apr 2026 10:03 PM (IST)
Updated Date: Thu, 02 Apr 2026 10:07 PM (IST)

--ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ 2020 ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ 2020 ਵਿਸ਼ੇ ‘ਤੇ ਇਕ ਵਿਸ਼ੇਸ਼ ਐਕਸਪਰਟ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿਚ ਪ੍ਰਮੁੱਖ ਵਿਦਵਾਨਾਂ ਨੇ ਹਾਜ਼ਰੀ ਭਰੀ ਤੇ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ’ਤੇ ਰੋਸ਼ਨੀ ਪਾਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰੋ. (ਡਾ.) ਅਮਿਤ ਕੌਟਸ, ਪ੍ਰੋਫੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਡਾ. ਅਨੁਜ ਬੰਸਲ ਪ੍ਰੋਫੈਸਰ, ਸੰਤ ਲੋਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਲੋਂਗੋਵਾਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਅਗਵਾਈ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਡਾ. ਸੁਸ਼ੀਲ ਮਿੱਤਲ ਨੇ ਕੀਤੀ। ਇਹ ਆਯੋਜਨ ਯੂਨੀਵਰਸਿਟੀ ਦੇ ਅਕਾਦਮਿਕ ਵਿਭਾਗ ਵੱਲੋਂ ਕੀਤਾ ਗਿਆ। ਪ੍ਰੋ. (ਡਾ.) ਅਮਿਤ ਕੌਟਸ ਨੇ ਦੱਸਿਆ ਕਿ ਰਾਸ਼ਟਰੀ ਸਿਖਿਆ ਨੀਤੀ ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਇਕ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੀ ਨੀਤੀ ਹੈ। ਇਹ ਨੀਤੀ ਵਿਦਿਆਰਥੀ ਕੇਂਦਰਿਤ ਹੈ, ਜਿਸਦਾ ਮੁੱਖ ਉਦੇਸ਼ ਸਿਰਫ਼ ਡਿਗਰੀ ਪ੍ਰਾਪਤ ਕਰਨਾ ਨਹੀਂ, ਸਗੋਂ ਗਿਆਨ, ਹੁਨਰ ਤੇ ਚਰਿੱਤਰ ਦਾ ਵਿਕਾਸ ਕਰਨਾ ਹੈ। ਇਸ ਨੀਤੀ ਵਿਚ ਮਲਟੀ-ਡਿਸਿਪਲਿਨਰੀ ਸਿੱਖਿਆ, ਫਲੈਕਸਿਬਲ ਕੋਰਸ ਸਟਰਕਚਰ ਤੇ ਸਕਿਲ-ਬੇਸਡ ਲਰਨਿੰਗ ਤੇ ਖਾਸ ਧਿਆਨ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ ਹੁਣ ਆਪਣੇ ਰੁਚੀ ਅਨੁਸਾਰ ਵਿਸ਼ਿਆਂ ਦੀ ਚੋਣ ਕਰਨ ਦੀ ਆਜ਼ਾਦੀ ਮਿਲਦੀ ਹੈ, ਜੋ ਉਨ੍ਹਾਂ ਦੀ ਸਮਰੱਥਾ ਨੂੰ ਨਿਖਾਰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭੂਮਿਕਾ ਇਸ ਨੀਤੀ ਵਿਚ ਬਹੁਤ ਮਹੱਤਵਪੂਰਨ ਹੈ। ਉਹ ਸਿਰਫ਼ ਗਿਆਨ ਦੇਣ ਵਾਲੇ ਨਹੀਂ, ਸਗੋਂ ਮਾਰਗਦਰਸ਼ਕ ਤੇ ਪ੍ਰੇਰਕ ਵੀ ਹਨ। ਅੰਤ ਵਿਚ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੀਤੀ ਦੇ ਮੌਕਿਆਂ ਦਾ ਪੂਰਾ ਲਾਭ ਲੈਣ ਤੇ ਆਪਣੇ ਭਵਿੱਖ ਨੂੰ ਰੋਸ਼ਨ ਬਣਾਉਣ। ਡਾ. ਅਨੁਜ ਬੰਸਲ ਨੇ ਕਿਹਾ ਰਾਸ਼ਟਰੀ ਸਿੱਖਿਆ ਨੀਤੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਦੀ ਹੈ। ਇਹ ਨੀਤੀ ਸਿਰਫ਼ ਅਕਾਦਮਿਕ ਗਿਆਨ ਤੱਕ ਸੀਮਿਤ ਨਹੀਂ, ਸਗੋਂ ਪ੍ਰੈਕਟਿਕਲ ਸਕਿਲਜ਼, ਇਨੋਵੇਸ਼ਨ ਤੇ ਰਿਸਰਚ ਨੂੰ ਵੀ ਉਤਸ਼ਾਹਿਤ ਕਰਦੀ ਹੈ। ਉਪ ਕੁਲਪਤੀ ਪ੍ਰੋ. (ਡਾ.) ਸੁਸ਼ੀਲ ਮਿੱਤਲ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਇਕ ਨਵਾਂ ਮੋੜ ਲਿਆਉਣ ਵਾਲਾ ਦਸਤਾਵੇਜ਼ ਹੈ। ਇਹ ਨੀਤੀ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਜਾਣਕਾਰੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿਚ ਸਫਲ ਹੋਣ ਲਈ ਤਿਆਰ ਕਰਦੀ ਹੈ। ਯੂਨੀਵਰਸਿਟੀ ਹਮੇਸ਼ਾ ਹੀ ਨਵੀਆਂ ਸਿੱਖਿਆ ਨੀਤੀਆਂ ਤੇ ਤਕਨੀਕਾਂ ਨੂੰ ਅਪਣਾਉਣ ਵਿਚ ਅੱਗੇ ਰਹੀ ਹੈ। ਉਨ੍ਹਾਂ ਕਿਹਾ ਯੂਨੀਵਰਸਿਟੀ ਰਾਸ਼ਟਰੀ ਸਿੱਖਿਆ ਨੀਤੀ ਦੇ ਮੁੱਖ ਤੱਥਾਂ ਮਲਟੀ-ਡਿਸਿਪਲਿਨਰੀ ਐਜੂਕੇਸ਼ਨ, ਸਕਿਲ ਡਿਵੈਲਪਮੈਂਟ, ਰਿਸਰਚ ਅਤੇ ਇਨੋਵੇਸ਼ਨ ਨੂੰ ਆਪਣੇ ਕੋਰਸਾਂ ਵਿਚ ਸ਼ਾਮਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਕਿਹਾ ਕਿ ਇਹ ਨੀਤੀ ਸਿੱਖਿਆ ਖੇਤਰ ਵਿਚ ਇਕ ਨਵੀਂ ਦਿਸ਼ਾ ਤੇ ਦ੍ਰਿਸ਼ਟੀਕੋਣ ਪ੍ਰਦਾਨ ਕਰਦੀ ਹੈ, ਜਿਸ ਨਾਲ ਸਾਡੇ ਦੇਸ਼ ਦੀ ਯੁਵਾ ਸ਼ਕਤੀ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਣ ਦਾ ਮੌਕਾ ਮਿਲੇਗਾ। ਮੰਚ ਸੰਚਾਲਨ ਯੂਨੀਵਰਸਿਟੀ ਦੇ ਡਿਪਟੀ ਲਾਇਬ੍ਰੇਰੀਅਨ ਡਾ. ਮਧੂ ਮਿੱਡਾ ਵੱਲੋਂ ਕੀਤਾ ਗਿਆ। ਸਮਾਰੋਹ ਦੇ ਅੰਤ ਵਿਚ ਡੀਨ ਅਕਾਦਮਿਕ ਪ੍ਰੋ. (ਡਾ.) ਵਾਈਐੱਸ ਬਰਾੜ ਵੱਲੋਂ ਧੰਨਵਾਦੀ ਭਾਸ਼ਣ ਪੇਸ਼ ਕੀਤਾ ਗਿਆ। ਯੂਨੀਵਰਸਿਟੀ ਦੇ ਡੀਨ ਆਰ ਐਂਡ ਡੀ ਡਾ. ਪਰਵੀਨ ਬੰਸਲ, ਡੀਨ ਵਿਦਿਆਰਥੀ ਭਲਾਈ ਡਾ. ਸਤਬੀਰ ਸਿੰਘ ਸਮੇਤ ਵੱਖੋ-ਵੱਖ ਵਿਭਾਗ ਮੁਖੀ, ਫੈਕਲਟੀ ਮੈਂਬਰ, ਅਧਿਕਾਰੀ, ਸਟਾਫ ਤੇ ਵਿਦਿਆਰਥੀ ਸਮਾਰੋਹ ਵਿਚ ਮੌਜੂਦ ਰਹੇ।