ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਕੌਮੀ ਕਮਿਸ਼ਨ : ਪ੍ਰਿਆਂਕ ਕਾਨੂੰਗੋ
ਕੌਮੀ ਮਾਨਵੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ - ਪ੍ਰਿਆਂਕ ਕਾਨੂੰਗੋ
Publish Date: Mon, 09 Mar 2026 07:13 PM (IST)
Updated Date: Mon, 09 Mar 2026 07:15 PM (IST)

--ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਬੈਠਕ --ਏਡੀਸੀ ਨਵਨੀਤ ਕੌਰ ਬੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਭਰੋਸਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਤੇ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਦਾ ਮਨੋਰਥ ਹੀ ਆਮ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਪੱਧਰ ‘ਤੇ ਉਲੰਘਣਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਸਰਕਾਰੀ ਵਿਭਾਗਾਂ, ਹਸਪਤਾਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਹਰ ਵਿਭਾਗ ਵੱਲੋਂ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸਦਾ ਫਾਇਦਾ ਤਾਂ ਹੀ ਹੋ ਸਕਦਾ ਹੈ ਜੇਕਰ ਇਹ ਜ਼ਮੀਨੀ ਪੱਧਰ ਤੱਕ ਜਨਤਾ ਤੱਕ ਪਹੁੰਚਣ, ਇਸ ਲਈ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਉਹ ਚੰਗੀ ਤਰ੍ਹਾਂ ਨਾਲ ਸਕੀਮਾਂ ਦੀ ਜਾਣਕਾਰੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਦੇ ਲਈ ਵੀ ਬਹੁਤ ਸਾਰੇ ਕੰਮ ਸਬੰਧਤ ਵਿਭਾਗ ਵੱਲੋਂ ਕੀਤੇ ਜਾਂਦੇ ਹਨ। ਆਧੁਨਿਕ ਸਮੇਂ ਵਿਚ ਮਸ਼ੀਨਾਂ ਜਾਂ ਆਧੁਨਿਕ ਸਾਧਨਾਂ ਰਾਹੀਂ ਕਚਰਾ ਇਕੱਠਾ ਕੀਤਾ ਜਾਂਦਾ ਹੈ। ਇਸੇ ਲਈ ਹੱਥਾਂ ਨਾਲ ਕੂੜਾ ਇਕੱਠਾ ਕਰਨ ਦੀ ਮਨਾਹੀ ਹੈ ਤਾਂ ਜੋ ਕਿਸੇ ਕਰਮਚਾਰੀ ਦਾ ਨੁਕਸਾਨ ਨਾ ਹੋਵੇ। ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੇ ਹੱਕ ਲਈ ਵੀ ਸਮੇਂ-ਸਮੇਂ ’ਤੇ ਕਦਮ ਚੁੱਕੇ ਜਾਂਦੇ ਹਨ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਕਾਨੂੰਗੋ ਵੱਲੋਂ ਇਹ ਵੀ ਕਿਹਾ ਗਿਆ ਕਿ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਣ। ਉਸ ਵਿਚ ਲੋੜਵੰਦ ਤੇ ਵਿਧਵਾ ਔਰਤਾਂ ਨੂੰ ਸ਼ਾਮਲ ਕੀਤਾ ਜਾਵੇ ਤੇ ਉਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਫੁਲਕਾਰੀ ਬਣਾਉਣ ਦਾ ਕੰਮ ਵੀ ਦਿੱਤਾ ਜਾਵੇ ਤੇ ਇਸ ਦੀ ਵਿਕਰੀ ਸਬੰਧੀ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਪੀਐੱਸ ਵਿਸ਼ਵਕਰਮਾ ਯੋਜਨਾ, ਨਮਸਤੇ ਸਕੀਮ, ਮੈਂਟਲ ਹੈਲਥ ਪ੍ਰੋਗਰਾਮ, ਪ੍ਰਾਇਮਰੀ ਐਂਡ ਹਾਈ ਸਕੂਲ, ਪ੍ਰੀ ਐਂਡ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਕਚਰਾ ਪ੍ਰਬੰਧਨ, ਆਯੁਸ਼ਮਾਨ ਯੋਜਨਾ, ਸਬੰਧੀ ਵਿਸਤਾਰ ਨਾਲ਼ ਜਾਣਕਾਰੀ ਹਾਸਲ ਕੀਤੀ ਤੇ ਸਬੰਧਤ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ੇਖੂਪੁਰ ਵਿਖੇ ਨਗਰ ਨਿਗਮ ਵੱਲੋਂ ਸਥਾਪਿਤ ਕੀਤੇ ਕੂੜਾ ਡੰਪ ਦਾ ਵੀ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਨੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਿਹੜੇ ਅੱਜ ਸੁਝਾਅ ਦਿੱਤੇ ਗਏ ਹਨ, ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਨਿਰਦੇਸ਼ਾਂ ਤੇ ਸੁਝਾਵਾਂ ’ਤੇ ਕੰਮ ਕਰੇਗਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸਐੱਸਪੀ ਗੌਰਵ ਤੂਰਾ, ਕਮਿਸ਼ਨਰ ਨਗਰ ਨਿਗਮ ਕਪੂਰਥਲਾ ਅਨੁਪਮ ਕਲੇਰ ਵੱਲੋਂ ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਇਰਵਿਨ ਕੌਰ, ਐੱਸਪੀ ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।