ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ’ਚ ਰਾਸ਼ਟਰੀ ਸਾਇੰਸ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰਾਸ਼ਟਰੀ ਸਾਇੰਸ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sun, 01 Mar 2026 08:05 PM (IST)
Updated Date: Sun, 01 Mar 2026 08:07 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਰਾਸ਼ਟਰੀ ਸਾਇੰਸ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਾਇੰਸ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਵੱਲੋਂ ਆਰੰਭਕ ਸ਼ਬਦਾਂ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਗਿਆਨ ਮਨੁੱਖੀ ਜੀਵਨ ਦੀ ਤਰੱਕੀ ਦਾ ਆਧਾਰ ਹੈ ਅਤੇ ਅੱਜ ਦੇ ਯੁੱਗ ਵਿੱਚ ਵਿਦਿਆਰਥੀਆਂ ਲਈ ਵਿਗਿਆਨਕ ਦ੍ਰਿਸ਼ਟੀਕੋਣ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੋਜਮੁਖੀ ਸੋਚ ਵਿਕਸਿਤ ਕਰ ਕੇ ਸਮਾਜ ਦੀ ਭਲਾਈ ਲਈ ਵਿਗਿਆਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਰਾਸ਼ਟਰੀ ਸਾਇੰਸ ਦਿਵਸ ਵਿਗਿਆਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਖੋਜ ਅਤੇ ਨਵੀਨਤਾ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਮਾਧਿਅਮ ਹੈ।
ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਵਧ ਕੇ ਹੀ ਦੇਸ਼ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਸੰਭਵ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸਾਇੰਸ ਮਾਡਲ ਪ੍ਰਦਰਸ਼ਨੀ, ਪੋਸਟਰ ਮੇਕਿੰਗ ਮੁਕਾਬਲੇ, ਰੰਗੋਲੀ, ਬੈਸਟ ਆਊਟ ਆਫ਼ ਵੇਸਟ, ਫੈਂਸੀ ਡਰੈੱਸ, ਪੌਦਾ ਪ੍ਰਦਰਸ਼ਨੀ, ਕਵਿਜ਼ ਅਤੇ ਪਾਵਰ ਪ੍ਰੈਜ਼ੈੱਨਟੇਸ਼ਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੇ ਮਾਡਲਾਂ ਰਾਹੀਂ ਵਾਤਾਵਰਣ ਸੁਰੱਖਿਆ, ਨਵੀਂ ਉਰਜਾ ਤਕਨਾਲੋਜੀ ਅਤੇ ਆਧੁਨਿਕ ਵਿਗਿਆਨਕ ਖੋਜਾਂ ਸੰਬੰਧੀ ਜਾਣਕਾਰੀ ਪੇਸ਼ ਕੀਤੀ। ਜੇਤੂ ਰਹੇ ਵਿਦਿਆਰਥੀਆਂ ਨੂੰ ਟਰਾਫੀਆਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਕਾਮਰਸ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਵੱਲੋਂ ਧੰਨਵਾਦੀ ਸ਼ਬਦ ਪ੍ਰਗਟ ਕਰਦੇ ਹੋਏ ਸਮਾਗਮ ਦੀ ਸਫਲਤਾ ਲਈ ਪ੍ਰਿੰਸੀਪਲ ਸਾਹਿਬ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਕਾਦਮਿਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਸਫਲਤਾ ਵਿੱਚ ਮੈਡਮ ਸੋਨੀਆ ਅਤੇ ਮੈਡਮ ਸੰਦੀਪ ਕੌਰ ਦੀ ਵਿਸ਼ੇਸ਼ ਭੂਮਿਕਾ ਰਹੀ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਹਾਜ਼ਰੀ ਨੇ ਸਮਾਗਮ ਨੂੰ ਯਾਦਗਾਰ ਬਣਾਇਆ। ਰਾਸ਼ਟਰੀ ਸਾਇੰਸ ਦਿਵਸ ਦਾ ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਅਤੇ ਖੋਜਮੁਖੀ ਸੋਚ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।