ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

---ਐੱਸਡੀਐੱਮ ਕਪੂਰਥਲਾ ਚੁਣੇ ਗਏ ਸਰਬੋਤਮ ਚੋਣਕਾਰ ਰਜਿਸਟ੍ਰੇਸ਼ਨ ਅਫਸਰ
--ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਸਰਬੋਤਮ ਸਵੀਪ ਨੋਡਲ ਅਫਸਰ ਚੁਣੇ ਗਏ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਨੈਸ਼ਨਲ ਵੋਟਰ ਦਿਵਸ ਲੋਕਤੰਤਰਿਕ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਸ਼੍ਰੀਮਤੀ ਨਵਨੀਤ ਕੌਰ ਬੱਲ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐਮ ਮੇਜਰ ਡਾ. ਇਰਿਵਨ ਕੌਰ, ਸਹਾਇਕ ਕਮਿਸ਼ਨਰ ਜਨਰਲ ਵਿਸ਼ਾਲ ਵਾਟਸ ਵੀ ਹਾਜ਼ਰ ਸਨ। ਇਸ ਮੌਕੇ ਸ਼੍ਰੀਮਤੀ ਨਵਨੀਤ ਕੋਰ ਬੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟ ਦਾ ਅਧਿਕਾਰ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੇ ਹਰ ਚੋਣ ਵਿਚ ਨਿਡਰ, ਨਿਰਪੱਖ ਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ। ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦਾ ਹੈ। ਉਨ੍ਹਾਂ ਸਿੱਖਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲ/ਕਾਲਜ ਵਿਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਵੱਲੋਂ ਸਹੁੰ ਚੁਕਾਉਣ ਦੀ ਰਸਮ ਵੀ ਨਿਭਾਈ ਗਈ, ਜਿਸ ਵਿਚ ਉਨ੍ਹਾਂ ਨੇ ਲੋਕਤੰਤਰ ਦੀ ਰੱਖਿਆ ਕਰਨ, ਨਿਰਪੱਖ ਤਰੀਕੇ ਨਾਲ ਵੋਟ ਪਾਉਣ ਤੇ ਹੋਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੋਟ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਲੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਰਾਹੀਂ ਲੋਕਤੰਤਰਿਕ ਮੁੱਲਾਂ, ਵੋਟ ਦੇ ਹੱਕ ਅਤੇ ਚੋਣ ਪ੍ਰਕਿਰਿਆ ਦੀ ਮਹੱਤਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਇਸ ਮੌਕੇ ਸਰਬੋਤਮ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਜੋਂ ਐੱਸਡੀਐੱਮ ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੂੰ ਸਰਬੋਤਮ ਸਵੀਪ ਨੋਡਲ ਅਫਸਰ ਵਜੋਂ ਸਨਮਾਨਿਤ ਕੀਤਾ ਗਿਆ। ਸਰਬੋਤਮ ਬੀਐੱਲਓ ਵਜੋਂ ਮਨਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਮੇਂ-ਸਮੇਂ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਤੇ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਕਪੂਰਥਲਾ ਜ਼ਿਲ੍ਹੇ ਦੇ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ, ਨੈਸ਼ਨਲ ਵੋਟਰ ਦਿਵਸ ਦੀ ਮਹੱਤਤਾ ਤੇ ਇਸ ਸਬੰਧੀ ਕਾਲਜ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਪ੍ਰੋਗਰਾਮ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਵੱਲੋਂ ਸ਼ਬਦ, ਲਿਟਲ ਐਂਜਲਜ਼ ਕੋ-ਐਜੂਕੇਸ਼ਨ ਸਕੂਲ ਵੱਲੋਂ ਪ੍ਰਾਰਥਨਾ ਡਾਂਸ, ਮੰਗਲ ਸਿੰਘ ਭੰਡਾਲ ਨੈਸ਼ਨਲ ਅਵਾਰਡੀ ਵੱਲੋਂ ਕਵਿਤਾ, ਹਿੰਦੂ ਕੰਨਿਆ ਕਾਲਜ ਵੱਲੋਂ ਗੀਤ, ਸਰਕਾਰੀ ਹਾਈ ਸਕੂਲ ਮਨਸੂਰਵਾਲ ਦੇ ਬੱਚਿਆਂ ਵੱਲੋਂ ਡਾਂਸ ਅਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵੱਲੋਂ ਨੈਸ਼ਨਲ ਵੋਟਰ ਦਿਵਸ ਨੂੰ ਸਮਰਪਿਤ ਆਪਣਾ ਲਿਖਿਆ ਗੀਤ ਪੇਸ਼ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਅਸਿਸਟੈਂਟ ਨੋਡਲ ਅਫ਼ਸਰ ਪਰਮਜੀਤ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਚੋਣ ਕਾਨੂੰਗੋ ਪੂਜਾ ਕੱਕੜ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਪ੍ਰੋਗਰਾਮਰ ਕਮਲ ਕਿਸ਼ੋਰ, ਕਲਰਕ ਸਤਪਾਲ ਸਿੰਘ, ਦਿਲਬਾਗ ਸਿੰਘ, ਪਰਮਜੀਤ ਕੌਰ, ਰਕੇਸ਼ ਕੁਮਾਰ, ਡਾਟਾ ਐਂਟਰੀ ਆਪ੍ਰੇਟਰ ਜਤਿੰਦਰ ਕੁਮਾਰ ਤੇ ਓਂਕਾਰ ਸਿੰਘ ਵੀ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿਚ ਵਿਭਾਗ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਸੁਚੇਤ ਨਾਗਰਿਕ ਬਣਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ।