ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਦੀ ਲੋੜ : ਕੁਲਦੀਪ ਸਿੰਘ
ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਦੀ ਲੋੜ: ਕੁਲਦੀਪ ਸਿੰਘ
Publish Date: Sat, 31 Jan 2026 10:02 PM (IST)
Updated Date: Sat, 31 Jan 2026 10:04 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਅੱਜ ਸਾਡੇ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਬਣ ਗਿਆ ਹੈ। ਇਸ ਬੁਰਾਈ ਨੇ ਨਾ ਸਿਰਫ਼ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕੀਤਾ ਹੈ ਬਲਕਿ ਆਮ ਲੋਕਾਂ ਦੇ ਵਿਸ਼ਵਾਸ ਨੂੰ ਵੀ ਹਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਮਾਜ ਵਿਚ ਨਿਆਂ, ਸੱਚਾਈ ਤੇ ਇਮਾਨਦਾਰੀ ਦੀ ਰੱਖਿਆ ਕਰਨਾ ਚਾਹੁੰਦੇ ਹਾਂ, ਤਾਂ ਹਰ ਨਾਗਰਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਲੋਕ ਚੁੱਪ ਰਹਿਣਗੇ, ਇਹ ਬੁਰਾਈ ਹੋਰ ਵੀ ਮਜ਼ਬੂਤ ਹੋਵੇਗੀ। ਇਸ ਲਈ ਹਰ ਪੱਧਰ ’ਤੇ ਭਾਵੇਂ ਉਹ ਸਰਕਾਰੀ ਦਫ਼ਤਰ ਹੋਣ ਜਾਂ ਸਮਾਜਿਕ ਸੰਗਠਨ, ਸਾਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਭ੍ਰਿਸ਼ਟ ਵਿਅਕਤੀਆਂ ਦਾ ਪਰਦਾਫਾਸ਼ ਕਰਨਾ, ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣਾ ਤੇ ਸੱਚਾਈ ਦਾ ਸਮਰਥਨ ਕਰਨਾ ਹੀ ਸੱਚੀ ਦੇਸ਼ ਭਗਤੀ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ। ਇਸ ਲਈ ਉਨ੍ਹਾਂ ਨੂੰ ਸੱਚਾਈ ਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਜੇਕਰ ਨੌਜਵਾਨ ਆਪਣੇ ਗੁਆਂਢੀਆਂ ਵਿਚ ਜਾਗਰੂਕਤਾ ਪੈਦਾ ਕਰਨ ਤਾਂ ਉਹ ਸਮਾਜ ਵਿਚ ਭ੍ਰਿਸ਼ਟ ਤੱਤਾਂ ਦਾ ਵਿਰੋਧ ਕਰ ਸਕਦੇ ਹਨ ਤੇ ਵੱਡੀ ਤਬਦੀਲੀ ਸੰਭਵ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮਾਂ ਹਰ ਸਕੂਲ, ਕਾਲਜ ਤੇ ਯੂਥ ਕਲੱਬਾਂ ਵਿੱਚ ਚਲਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਨਵੀਂ ਪੀੜ੍ਹੀ ਸੱਚਾਈ ਤੇ ਇਮਾਨਦਾਰੀ ਦੀ ਮਹੱਤਤਾ ਨੂੰ ਸਮਝ ਸਕੇ। ਉਨ੍ਹਾਂ ਕਿਹਾ ਕਿ ਜਦੋਂ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਤਾਂ ਹੀ ਦੇਸ਼ ਵਿਚ ਅਸਲ ਤਰੱਕੀ ਸੰਭਵ ਹੋਵੇਗੀ। ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਸ਼ਿਕਾਇਤ ਕਰਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ ਸਗੋਂ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।