ਐੱਨਐੱਚਐੱਮ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ ਮੰਗਾਂ ਨੂੰ ਲੈ ਕੇ NHM ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Publish Date: Tue, 25 Aug 2026 07:04 PM (IST)
Updated Date: Tue, 25 Aug 2026 07:06 PM (IST)
ਡੀਸੀ ਨੂੰ ਸੌਂਪਿਆ ਮੰਗ ਪੱਤਰ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਦੇ ਮੁਲਾਜ਼ਮਾਂ ਨੇ ਮੰਗਲਵਾਰ ਨੂੰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਬਾਅਦ ਵਿੱਚ ਡੀਸੀ ਕਪੂਰਥਲਾ ਆਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪ ਕੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਇਸ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿੱਚ ਪੂਰੀ ਮਿਹਨਤ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ’ਤੇ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਘੱਟ ਤਨਖਾਹ ਕਾਰਨ ਮੁਲਾਜ਼ਮਾਂ ਲਈ ਆਪਣੇ ਪਰਿਵਾਰ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਰਾਮ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਮੀਟਿੰਗ ਦਾ ਨਤੀਜਾ ਕੋਈ ਠੋਸ ਹੱਲ ਨਿਕਲਣ ਦੀ ਬਜਾਏ ਸਿਰਫ਼ ਅਗਲੀ ਤਾਰੀਖ ਦੇਣ ਤੱਕ ਸੀਮਤ ਰਹਿ ਜਾਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਹੁਣ ਉਹ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਿਰਫ਼ ਭਰੋਸਿਆਂ ਤੇ ਤਾਰੀਖਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਸਬਰ ਦਾ ਹੋਰ ਇਮਤਿਹਾਨ ਨਾ ਲਿਆ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਮੁਲਾਜ਼ਮਾਂ ਦੀ ਹੜਤਾਲ 2 ਸਤੰਬਰ ਤੱਕ ਜਾਰੀ ਰਹੇਗੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੋਈ ਠੋਸ ਫ਼ੈਸਲਾ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ. ਜਤਿੰਦਰ ਸੰਧੂ, ਡਾ. ਗੌਰਵ, ਹਰਦੀਪ ਸਿੰਘ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਣਜੀਤ ਕੌਰ, ਨਿਰਵੈਰ ਸਿੰਘ, ਗੁਰਵਿੰਦਰ, ਰਿਤੂ ਸਮੇਤ ਵੱਡੀ ਗਿਣਤੀ ਵਿੱਚ ਐੱਨਐੱਚਐੱਮ ਮੁਲਾਜ਼ਮ ਮੌਜੂਦ ਸਨ।