ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਨਿਰੀਖਣ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ : ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ
Publish Date: Thu, 03 Sep 2026 08:25 PM (IST)
Updated Date: Thu, 03 Sep 2026 08:28 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਲੋਕਾਂ ਨੂੰ ਮਿਆਰੀ, ਪਾਰਦਰਸ਼ੀ ਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਸਿਹਤ ਸੰਸਥਾਵਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਅੱਜ ਧਾਲੀਵਾਲ ਬੇਟ, ਭੰਡਾਲ ਬੇਟ ਤੇ ਸੁਰਖਪੁਰ ਵਿਖੇ ਆਮ ਆਦਮੀ ਕਲੀਨਿਕਾਂ ਤੇ ਹੈਲਥ ਐਂਡ ਵੈੱਲਨੇਸ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਡਾ. ਪਰਾਸ਼ਰ ਨੇ ਮੈਡੀਸਨ ਸਟੋਰ, ਫਾਰਮੇਸੀ, ਦਵਾਈਆਂ ਦੀ ਉਪਲਬਧਤਾ ਤੇ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ। ਉਨ੍ਹਾਂ ਵੱਲੋਂ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਰਿਕਾਰਡ ਦੀ ਸਾਂਭ-ਸੰਭਾਲ ਦਾ ਵੀ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਟਾਫ ਦੀ ਸਮੇਂ ਸਿਰ ਹਾਜ਼ਰੀ, ਦਵਾਈਆਂ ਦੀ ਉਪਲਬਧਤਾ, ਸਫਾਈ ਤੇ ਮਰੀਜ਼ਾਂ ਨਾਲ ਸੁਚੱਜਾ ਵਿਵਹਾਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਰਾਜੀਵ ਪਰਾਸ਼ਰ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।