- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਪੂਰਥਲਾ ’ਚ ਡੇਂਗੂ ਦਾ ਕੋਈ ਕੇਸ ਨਹੀਂ, ਨਗਰ ਨਿਗਮ ਵੱਲੋਂ ਫੌਗਿੰਗ ਜਾਰੀ

ਨਗਰ ਨਿਗਮ ਵੱਲੋਂ ਫੌਗਿੰਗ ਜਾਰੀ : ਕਮਿਸ਼ਨਰ
ਪੰਜਾਬੀ ਜਾਗਰਣ ਪ੍ਰਤੀਨਿੱਧ
ਕਪੂਰਥਲਾ : ਕਪੂਰਥਲਾ ਸ਼ਹਿਰ ਵਿੱਚ ਡੇਂਗੂ ਦੀ ਸਥਿਤੀ ਤੇ ਇਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਲੈ ਕੇ ਡਾ. ਨੰਦਿਕਾ ਖੁੱਲਰ ਵੱਲੋਂ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਡੇਂਗੂ ਦੀ ਮੌਜੂਦਾ ਸਥਿਤੀ, ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਨੰਦਿਕਾ ਖੁੱਲਰ ਨੇ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਕਪੂਰਥਲਾ ਸ਼ਹਿਰ ਵਿੱਚ ਡੇਂਗੂ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਤੇ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ।
ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਨਗਰ ਨਿਗਮ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਿਯਮਿਤ ਤੌਰ ’ਤੇ ਫੌਗਿੰਗ ਕਰਵਾਈ ਜਾ ਰਹੀ ਹੈ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸਵੇਰੇ ਤੇ ਸ਼ਾਮ ਦੇ ਸਮੇਂ ਫੌਗਿੰਗ ਕੀਤੀ ਜਾ ਰਹੀ ਹੈ ਤੇ ਲੋੜ ਅਨੁਸਾਰ ਵੱਖ-ਵੱਖ ਇਲਾਕਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਅਨੁਪਮ ਕਲੇਰ ਨੇ ਦੱਸਿਆ ਕਿ ਫੌਗਿੰਗ ਦੇ ਨਾਲ-ਨਾਲ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਮੱਛਰਾਂ ਦੀ ਪੈਦਾਵਾਰ ਵਾਲੀਆਂ ਸੰਭਾਵਿਤ ਥਾਵਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਲੋੜ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਨਾਲ ਸਬੰਧਤ ਲੱਛਣ ਨਜ਼ਰ ਆਉਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਕਮਿਸ਼ਨਰ ਅਨੁਪਮ ਕਲੇਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਫੌਗਿੰਗ ਤੇ ਹੋਰ ਜ਼ਰੂਰੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਤੇ ਫੌਗਿੰਗ ਦੇ ਕੰਮ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।