ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਨਰਮੀ ਨਹੀਂ ਵਰਤੀ ਜਾਵੇਗੀ : ਭਗਤ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਨਰਮੀ ਨਹੀਂ ਵਰਤੀ ਜਾਵੇਗੀ: ਕੈਬਨਿਟ ਮੰਤਰੀ ਮੋਹਿੰਦਰ ਭਗਤ
Publish Date: Mon, 31 Aug 2026 09:26 PM (IST)
Updated Date: Mon, 31 Aug 2026 09:28 PM (IST)
--ਪੁਲਿਸ ਨੂੰ ਸਿਆਸੀ ਸਬੰਧਾਂ ਤੋਂ ਉੱਪਰ ਉੱਠ ਕੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ --ਪਿੰਡ/ਵਾਰਡ ਰੱਖਿਆ ਕਮੇਟੀਆਂ ਨੂੰ ਨਿਗਰਾਨੀ ਤੇਜ਼ ਕਰਨ ਦੇ ਨਿਰਦੇਸ਼ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਫਲੈਗਸ਼ਿਪ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਤੇ ਕੋਈ ਢਿੱਲ ਨਾ ਵਰਤਣ ਦੀ ਨੀਤੀ ਅਪਣਾਈ ਹੈ ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੈ ਤੇ ਇਹ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਨੇਕਾਂ ਵੱਡੇ ਤਸਕਰ ਪਹਿਲਾਂ ਹੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਤੇ ਸਿਵਲ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਨਾਲ ਤਾਲਮੇਲ ਬਣਾ ਕੇ ਰੱਖਣ। ਉਨ੍ਹਾਂ ਡੀਐੱਸਪੀਜ਼ ਤੇ ਐੱਸਐੱਚਓਜ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਨਾ ਸਿਰਫ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਗੋਂ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਤੇ ਪਿੰਡਾਂ ਤੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪ੍ਰਸ਼ਾਸਨ ਤੇ ਪੁਲਿਸ ਦਾ ਸਹਿਯੋਗ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਪੁਲਿਸ ਨੂੰ ਜ਼ਮਾਨਤ ਤੇ ਬਾਹਰ ਆਏ ਨਸ਼ਾ ਤਸਕਰਾਂ ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਵਿਅਕਤੀ ਮੁੜ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਕਾਨੂੰਨ ਅਨੁਸਾਰ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਜ਼ਰੂਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ। ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੁਲਿਸ, ਸਿਵਲ ਪ੍ਰਸ਼ਾਸਨ, ਪਿੰਡਾਂ ਦੀਆਂ ਸੰਸਥਾਵਾਂ ਤੇ ਸਮਾਜਿਕ ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਨਾਲ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕਰ ਰਹੀ ਹੈ ਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਪਰਿਵਾਰਾਂ, ਭਾਈਚਾਰਿਆਂ ਅਤੇ ਸੰਸਥਾਵਾਂ ਦਾ ਸਮੂਹਿਕ ਸਹਿਯੋਗ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ ਤੇ ਨਾਲ ਹੀ ਜਾਗਰੂਕਤਾ, ਰੋਕਥਾਮ ਤੇ ਪੁਨਰਵਾਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਪ੍ਰਸ਼ਾਸਨ ਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਸੱਜਣ ਸਿੰਘ ਚੀਮਾ, ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਨਸ਼ਾ ਮੁਕਤੀ ਮੋਰਚਾ ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।