ਪਰਾਲੀ ਸਾੜਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਪਰਾਲੀ ਸਾੜਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਅਧਿਕਾਰੀਆਂ ਕੀਤਾ ਕਿਸਾਨਾਂ ਨੂੰ ਚੌਕਸ
Publish Date: Sun, 25 Oct 2026 07:06 PM (IST)
Updated Date: Sun, 25 Oct 2026 07:10 PM (IST)
ਐੱਸਐੱਚਓ ਸੋਨਮਦੀਪ ਕੌਰ ਨੇ ਵੀ ਸੰਭਾਲੀ ਕਮਾਨ; ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਹੁਣ ਪਿੰਡ-ਪਿੰਡ ਪੱਧਰ ’ਤੇ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਕਲੱਸਟਰ ਤੇ ਨੋਡਲ ਅਫ਼ਸਰਾਂ ਦੀਆਂ ਟੀਮਾਂ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾ ਰਹੀਆਂ ਹਨ। ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਖੇਤਾਂ ਵਿੱਚ ਜਾ ਕੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ ਤੇ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਵਿਗਿਆਨਕ ਤਰੀਕੇ ਅਪਣਾਏ ਜਾਣ। ਪ੍ਰਸ਼ਾਸਨ ਦੀ ਇਸ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਨੇ ਬਾਊਪੁਰ ਜਦੀਦ, ਮੁਹੰਮਦਾਬਾਦ, ਰਾਮਪੁਰ ਗੌਰਾ, ਬਾਊਪੁਰ ਕਦੀਮ, ਮੋਹਬਲੀਪੁਰ, ਸਰਾਏ ਜੱਟਾਂ, ਮੁੱਲਾਂ ਕਲਾਂ, ਮੰਡ ਹੁਸੈਨਪੁਰ ਬੁੱਲੇ, ਚੱਕ ਪੱਤੀ ਬਾਲੂ ਬਹਾਦਰ ਤੇ ਜੱਬੋਵਾਲ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ। ਇਨ੍ਹਾਂ ਦੌਰਿਆਂ ਦੌਰਾਨ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਤਲਵੰਡੀ ਚੌਧਰੀਆਂ ਦੀ ਐੱਸਐੱਚਓ ਸੋਨਮਦੀਪ ਕੌਰ ਨੇ ਵੀ ਸੰਭਾਲੀ ਕਮਾਨ ਇਸ ਮੁਹਿੰਮ ਤਹਿਤ ਥਾਣਾ ਤਲਵੰਡੀ ਚੌਧਰੀਆਂ ਦੀ ਐੱਸਐੱਚਓ ਸੋਨਮਦੀਪ ਕੌਰ ਦੀ ਅਗਵਾਈ ਹੇਠ ਪਿੰਡ ਬੂੜੇਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਪਰਾਲੀ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਨਿਪਟਾਰੇ ਲਈ ਉਪਲਬਧ ਸਾਧਨਾਂ ਤੇ ਮਸ਼ੀਨਰੀ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਣ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਖੇਤਾਂ ’ਚ ਅੱਗ ਲਗਾਉਣ ਦੀ ਬਜਾਏ ਅਪਣਾਓ ਵਿਗਿਆਨਕ ਤਰੀਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ ਤੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਖੇਤਰਾਂ ਤੇ ਸੜਕਾਂ ’ਤੇ ਵੀ ਖ਼ਤਰੇ ਦੀ ਸਥਿਤੀ ਪੈਦਾ ਹੋ ਸਕਦੀ ਹੈ। ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਤੇ ਹੋਰ ਢੁੱਕਵੇਂ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਜ਼ੋਰ ਦਿੱਤਾ ਕਿ ਪਰਾਲੀ ਦੀ ਸਮੱਸਿਆ ਦਾ ਸਥਾਈ ਹੱਲ ਕਿਸਾਨਾਂ, ਪੰਚਾਇਤਾਂ ਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਪ੍ਰਸ਼ਾਸਨਿਕ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੀਤੇ ਜਾ ਰਹੇ ਦੌਰਿਆਂ ਦੌਰਾਨ ਖੇਤਾਂ ਦੀ ਜਾਂਚ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ।