- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

---ਪੀਐੱਸਟੀਸੀ ਪੋਰਟਲ 'ਤੇ ਸ਼ਿਕਾਇਤਾਂ ਦਾ ਲਿਆ ਜਾਇਜ਼ਾ, ਵਿਭਾਗਾਂ ਨੂੰ ਇੱਕ ਹਫ਼ਤੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਨਿਪਟਾਉਣ ਦੇ ਨਿਰਦੇਸ਼
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਸ਼ਿਕਾਇਤ ਨਿਵਾਰਨ ਪੋਰਟਲ ’ਤੇ ਵਪਾਰੀਆਂ ਵੱਲੋਂ ਲਿਆਂਦੇ ਗਏ ਮਸਲਿਆਂ ਨੂੰ ਹੱਲ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਸਬੰਧਤ ਵਿਭਾਗਾਂ ਨੂੰ ਪੰਜਾਬ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਵਾਲੇ ਕੰਮਾਂ ਲਈ ਤੁਰੰਤ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਢੁਕਵੇਂ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਫਗਵਾੜਾ ਦੇ ਏਡੀਸੀ-ਕਮ-ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਦੇ ਨਾਲ ਕਪੂਰਥਲਾ, ਫਗਵਾੜਾ, ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਵਪਾਰੀਆਂ ਵੱਲੋਂ ਪੋਰਟਲ 'ਤੇ ਦਰਜ ਕਰਵਾਈਆਂ ਸ਼ਿਕਾਇਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ ਕੁੱਲ 392 ਸ਼ਿਕਾਇਤਾਂ ਦਰਜ ਹੋਈਆਂ ਸਨ, ਜਿਨ੍ਹਾਂ 'ਚੋਂ 184 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 68 ਦਾ ਵਿਭਾਗ ਪੱਧਰ 'ਤੇ ਨਿਪਟਾਰਾ ਕੀਤਾ ਗਿਆ ਹੈ। 105 ਸ਼ਿਕਾਇਤਾਂ ਲਾਗੂ ਕਰਨ ਦੀ ਪ੍ਰਕਿਰਿਆ ਅਧੀਨ ਹਨ, 12 ਹੈੱਡਕੁਆਰਟਰ ਨੂੰ ਭੇਜੀਆਂ ਗਈਆਂ ਹਨ ਤੇ 16 ਨਵੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਜੇ ਵੀ ਖੁੱਲ੍ਹੀਆਂ ਹਨ ਤੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਮਸਲਿਆਂ ਨੂੰ ਵੀ ਜਲਦ ਤੋਂ ਜਲਦ ਹੱਲ ਕਰ ਲਿਆ ਜਾਵੇਗਾ।
ਤਾਸ਼ਪੁਰ ਮਾਰਕੀਟ ਵਿਖੇ ਵਾਟਰ ਸਪਲਾਈ ਲਾਈਨ ਵਿਛਾਉਣ ਦੀ ਵਪਾਰੀਆਂ ਦੀ ਮੰਗ ਬਾਰੇ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਤੁਰੰਤ ਤਜਵੀਜ਼ ਭੇਜਣ ਦੇ ਨਿਰਦੇਸ਼ ਦਿੱਤੇ, ਜਿਸ ਦਾ ਅਨੁਮਾਨ 3 ਲੱਖ ਰੁਪਏ ਹੈ ਤੇ ਭਰੋਸਾ ਦਿਵਾਇਆ ਕਿ ਫੰਡ ਜਾਰੀ ਕਰਵਾਉਣ ਲਈ ਮਾਮਲਾ ਸੂਬਾ ਸਰਕਾਰ ਕੋਲ ਉਠਾਇਆ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਨਡਾਲਾ ਤੋਂ ਭੁੱਲਥ ਤੱਕ ਸੜਕ ਨਾਲ ਸਬੰਧਤ ਮਸਲੇ ਨੂੰ ਹੱਲ ਕਰਨ ਲਈ ਤਜਵੀਜ਼ ਭੇਜਣ ਲਈ ਕਿਹਾ ਤਾਂ ਜੋ ਲੋੜੀਂਦੇ ਫੰਡ ਮੰਗੇ ਜਾ ਸਕਣ ਤੇ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਸਕੇ। ਫਗਵਾੜਾ ਦੇ ਬਾਜ਼ਾਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ’ਤੇ ਡਿਪਟੀ ਕਮਿਸ਼ਨਰ ਨੇ ਪੁਲੀਸ ਨੂੰ ਇਸ ਸਬੰਧੀ ਤਜਵੀਜ਼ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਨੂੰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਆਉਣ ਵਾਲੇ ਵਾਹਨ ਚਾਲਕਾਂ ਦੀ ਸਹੂਲਤ ਲਈ ਢੁਕਵੇਂ ਸਾਈਨ ਬੋਰਡ ਲਗਾਉਣ ਤੇ ਉਨ੍ਹਾਂ ਨੂੰ ਸਿੱਧਾ ਫਲਾਈਓਵਰ ਵੱਲ ਨਿਰਦੇਸ਼ਿਤ ਕਰਨ ਦੇ ਵੀ ਨਿਰਦੇਸ਼ ਦਿੱਤੇ।
ਹਰੇਕ ਸ਼ਿਕਾਇਤ 'ਤੇ ਵੱਖਰੇ ਤੌਰ 'ਤੇ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਬਕਾਇਆ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਲੋੜ ਹੋਵੇ, ਵਪਾਰੀਆਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਾਂਝੇ ਫੀਲਡ ਮੁਆਇਨੇ ਕੀਤੇ ਜਾਣ ਤਾਂ ਜੋ ਜ਼ਮੀਨੀ ਪੱਧਰ 'ਤੇ ਮਸਲਿਆਂ ਦਾ ਸਹੀ ਮੁਲਾਂਕਣ ਕਰਕੇ ਉਨ੍ਹਾਂ ਦਾ ਸਹੀ ਹੱਲ ਕੀਤਾ ਜਾ ਸਕੇ। ਫਗਵਾੜਾ ਦੇ ਏਡੀਸੀ-ਕਮ-ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਮੂਹ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਗੇ।ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਹਰਿੰਦਰ ਮਨੋਚਾ, ਕੰਵਰ ਇਕਬਾਲ ਸਿੰਘ ਤੇ ਹੋਰਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।