ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣੀ ਮਨੁੱਖੀ ਅਧਿਕਾਰਾਂ ਦਾ ਘਾਣ : ਰੰਧਾਵਾ
ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣੀ ਮਨੁੱਖੀ ਅਧਿਕਾਰਾਂ ਦਾ ਘਾਣ-ਰੰਧਾਵਾ
Publish Date: Mon, 23 Feb 2026 07:25 PM (IST)
Updated Date: Mon, 23 Feb 2026 07:28 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ, ਜੋ ਕਿ ਇਸ ਸਮੇਂ ਜਬਰ ਜ਼ਨਾਹ ਦੇ ਦੋਸ਼ ਵਿਚ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਵਾਰ-ਵਾਰ ਮਿਲ ਰਹੀ ਹੈ, ਜਦਕਿ ਕਈ-ਕਈ ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਨਾ ਤਾਂ ਰਿਹਾਅ ਕੀਤਾ ਜਾ ਰਿਹਾ ਹੈ ਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ, ਜਿਹੜੀ ਕਿ ਇਸ ਦੇਸ਼ ਵਿਚ ਦੋਹਰੇ ਕਾਨੂੰਨ ਦੀ ਮਿਸਾਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਜੋ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਲੰਬੇ ਸਮੇਂ ਤੋਂ ਪੈਰੋਲ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ, ਜਦਕਿ ਭਾਰਤ ਦੁਨੀਆ ਦਾ ਸਭ ਤੋ ਵੱਡਾ ਲੋਕਤੰਤਰ ਦੇਸ਼ ਹੈ। ਉਸ ਵਿਚ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ, ਜਿਸ ਕਰ ਕੇ ਅਮਰੀਕੀ ਕਾਨੂੰਨਸਾਜ਼ਾਂ ਨੇ ਵਾਸ਼ਗਿੰਟਨ ਵਿਚ ਭਾਰਤੀ ਰਾਜਦੂਤ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਭਾਰਤ ਤੇ ਮਨੁੱਖੀ ਅਧਿਕਾਰਾਂ ਤੇ ਅੰਤਰਰਾਸ਼ਟਰੀ ਕਾਨੂੰਨ ਦੀਆ ਜ਼ਿੰਮੇਵਾਰੀਆ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਤੇ ਨਾਜਾਇਜ਼ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਰਿਹਾਈ ਦੀ ਵਕਾਲਤ ਕੀਤੀ ਹੈ। ਇਸ ਨਾਲ ਸੰਸਾਰ ਭਰ ਵਿਚ ਅੰਤਰਰਾਸ਼ਟਰੀ ਮੰਚ ’ਤੇ ਭਾਰਤ ਨੂੰ ਵੱਡੇ ਪੱਧਰ ’ਤੇ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।