- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜਰੰਗ ਦਲ ਦੇ ਨੇਤਾ ਇਸ਼ਾਂਤ ਮਹਿਰਾ ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕਰਨਾ ਨਿੰਦਣਯੋਗ ਹੈ-ਪੰਡਿਤ/ਵਾਲੀਆ/ਤਲਵਾੜ

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : 31 ਮਾਰਚ ਦੀ ਰਾਤ ਨੂੰ ਬਜਰੰਗ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਇਸ਼ਾਂਤ ਮਹਿਰਾ ਤੇ ਹੋਏ ਕਾਤਲਾਨਾ ਹਮਲੇ ਦੇ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਤੋਂ ਨਾਰਾਜ਼ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਸਥਾਨਕ ਮੰਦਿਰ ਧਰਮ ਸਭਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਤ, ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਮੁਕੁਲ ਅਰੋੜਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਬਜਰੰਗ ਦਲ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਇਸ਼ਾਂਤ ਮਹਿਰਾ ’ਤੇ ਕਾਤਲਾਨਾ ਹਮਲੇ ਤੋਂ ਬਾਅਦ ਐੱਫਆਈਆਰ ਨੰਬਰ 108 ਅਤੇ ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਮੁਕੁਲ ਅਰੋੜਾ ਤੇ ਹਮਲੇ ਤੋਂ ਬਾਅਦ ਐੱਫਆਈਆਰ ਨੰਬਰ 103 ਦਰਜ ਕਰਨ ਦੇ ਬਾਵਜੂਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਬਜਰੰਗ ਦਲ ਦੇ ਆਗੂਆਂ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਜ਼ਿੰਮੇਵਾਰ ਵਿਅਕਤੀ ’ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਸ਼ਹਿਰ ਵਿੱਚ ਖੁੱਲ੍ਹੇਆਮ ਘੁੰਮਣਾ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਬਜਰੰਗ ਦਲ ਦੇ ਆਗੂਆਂ ਨੇ ਕਿਹਾ ਕਿ ਹਮਲਾਵਰਾਂ ਦਾ ਖੁੱਲ੍ਹੇਆਮ ਘੁੰਮਣਾ ਅਤੇ ਬਜਰੰਗ ਦਲ ਦੇ ਆਗੂਆਂ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦੀਆਂ ਹਨ। ਬਜਰੰਗ ਦਲ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਜਰੰਗ ਦਲ ਦੇ ਆਗੂਆਂ ’ਤੇ ਹਮਲਾ ਕੀਤਾ ਜਾਂਦਾ ਹੈ ਅਤੇ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਬਜਰੰਗ ਦਲ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਹਿੰਦੂ ਆਗੂਆਂ ’ਤੇ ਹਮਲੇ ਅਕਸਰ ਹੋ ਰਹੇ ਹਨ, ਪਰ ਪ੍ਰਸ਼ਾਸਨ ਕਾਰਵਾਈ ਲਈ ਸਿਰਫ਼ ਬਿਆਨਬਾਜ਼ੀ ਕਰ ਰਿਹਾ ਹੈ। ਬਜਰੰਗ ਦਲ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਬਜਰੰਗ ਦਲ ਪੰਜਾਬ ਇਕਾਈ ਨੂੰ ਨਾਲ ਲੈ ਕੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਸੀਹ ਮੰਤਰੀ ਅਸ਼ੋਕ ਬਾਵਾ, ਜ਼ਿਲ੍ਹਾ ਉਪ ਪ੍ਰਧਾਨ ਚੰਦਰ ਮੋਹਨ ਭੋਲਾ, ਜ਼ਿਲ੍ਹਾ ਖਜ਼ਾਨਚੀ ਰਾਜ ਕੁਮਾਰ ਅਰੋੜਾ, ਬਜਰੰਗ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਅਗਰਵਾਲ, ਜ਼ਿਲ੍ਹਾ ਉਪ ਪ੍ਰਧਾਨ ਗੁਲਸ਼ਨ ਮਹਿਰਾ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਮਨੀ ਮਹਾਜਨ, ਗਗਨ ਗਿੱਲ, ਪਾਰਸ ਅਰੋੜਾ ਆਦਿ ਹਾਜ਼ਰ ਸਨ।