ਮੰਤਰੀ ਭੁੱਲਰ ਮਾਮਲੇ ’ਚ ਸਖ਼ਤ ਕਾਰਵਾਈ ਜ਼ਰੂਰੀ : ਧਾਲੀਵਾਲ
ਮੰਤਰੀ ਭੁੱਲਰ ਮਾਮਲੇ ਵਿੱਚ ਕੇਵਲ ਅਸਤੀਫਾ ਨਹੀਂ, ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਜ਼ਰੂਰੀ : ਬਲਵਿੰਦਰ ਸਿੰਘ ਧਾਲੀਵਾਲ
Publish Date: Sat, 21 Mar 2026 07:12 PM (IST)
Updated Date: Sat, 21 Mar 2026 07:16 PM (IST)

ਪੰਜਾਬ ’ਚ ਕਾਨੂੰਨ ਵਿਵਸਥਾ ਤੇ ਪ੍ਰਸ਼ਾਸਨਿਕ ਦਬਾਅ ’ਤੇ ਉਠੇ ਸਵਾਲ ਸਰਕਾਰ ਪਾਰਦਰਸ਼ਤਾ ਯਕੀਨੀ ਬਣਾਏ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਾਬਕਾ ਆਈਏਐੱਸ ਅਧਿਕਾਰੀ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਦੇ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ਼ ਅਸਤੀਫਾ ਲੈਣਾ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ। ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਬਹੁਤ ਹੀ ਗੰਭੀਰ ਹੈ ਤੇ ਇਸਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਪ੍ਰਸ਼ਾਸਨਿਕ ਜਾਂ ਰਾਜਨੀਤਿਕ ਦਬਾਅ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਰਾਜ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵੱਧ ਰਹੇ ਦਬਾਅ ਤੇ ਡਰ ਦਾ ਮਾਹੌਲ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ,“ਸਰਕਾਰੀ ਅਧਿਕਾਰੀ ਆਜ਼ਾਦ ਤੇ ਨਿਰਪੱਖ ਢੰਗ ਨਾਲ ਕੰਮ ਨਹੀਂ ਕਰ ਪਾ ਰਹੇ, ਜੋ ਸ਼ਾਸਨ ਪ੍ਰਣਾਲੀ ਲਈ ਖਤਰੇ ਦੀ ਘੰਟੀ ਹੈ। ਭਗਵੰਤ ਮਾਨ ਦੀ ਸਰਕਾਰ ਨੂੰ ਅਪੀਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਬਚਾਅ ਦੀ ਭੂਮਿਕਾ ਅਪਣਾਉਣ ਦੀ ਬਜਾਏ ਜਾਂਚ ਵਿਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਤੇ ਗੈਂਗਸਟਰਵਾਦ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਵਿਚ ਪ੍ਰਸ਼ਾਸਨਿਕ ਅਸਥਿਰਤਾ ਤੇ ਕਾਨੂੰਨ ਵਿਵਸਥਾ ਦੀ ਕਮਜ਼ੋਰੀ ਰਾਜ ਲਈ ਹੋਰ ਵੀ ਚਿੰਤਾਜਨਕ ਹੈ। ਧਾਲੀਵਾਲ ਨੇ ਮੰਗ ਕੀਤੀ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਤੇ ਸਖ਼ਤ ਕਦਮ ਚੁੱਕੇ ਤਾਂ ਜੋ ਲੋਕਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ ਤੇ ਪ੍ਰਸ਼ਾਸਨਿਕ ਤੰਤਰ ਮਜ਼ਬੂਤ ਬਣੇ।