ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐੱਨਐੱਸਐੱਸ ਦਿਵਸ ਮਨਾਇਆ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐਨ.ਐਸ.ਐਸ. ਦਿਵਸ ਮਨਾਇਆ
Publish Date: Tue, 10 Nov 2026 06:59 PM (IST)
Updated Date: Tue, 10 Nov 2026 07:00 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ (ਕਪੂਰਥਲਾ) ਵਿਖੇ ਐੱਨਐੱਸਐੱਸ ਦੀਆਂ ਦੋਨੋਂ ਯੂਨਿਟਾਂ ਵੱਲੋਂ ਐੱਨਐਸਐੱਸ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਪ੍ਰੋਗਰਾਮ ਅਫਸਰ ਡਾ. ਪਰਮਜੀਤ ਕੌਰ ਅਤੇ ਮੈਡਮ ਪਰਮਪ੍ਰੀਤ ਕੌਰ (ਰਾਜਨੀਤੀ ਸ਼ਾਸਤਰ ਵਿਭਾਗ) ਦੀ ਦੇਖ-ਰੇਖ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਐੱਨਐੱਸਐੱਸ ਵਲੰਟੀਅਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਐੱਨਐੱਸਐੱਸ ਦੇ ਸਾਰੇ ਵਲੰਟੀਅਰਾਂ ਨੇ ਨਿਰਸਵਾਰਥ ਸੇਵਾ ਅਤੇ ਦੇਸ਼ ਸੇਵਾ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਵਲੰਟੀਅਰਾਂ ਵੱਲੋਂ ਕਾਲਜ ਕੈਂਪਸ ਅਤੇ ਆਸ-ਪਾਸ ਦੇ ਖੇਤਰ ਵਿੱਚ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਤੋਂ ਇਲਾਵਾ ਮਿੱਠੜਾ ਪਿੰਡ ਵਿੱਚ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਫੜ ਕੇ ਲੋਕਾਂ ਨੂੰ ਸਫਾਈ, ਨਸ਼ਾ ਮੁਕਤੀ ਅਤੇ ਸਮਾਜ ਸੇਵਾ ਪ੍ਰਤੀ ਜਾਗਰੂਕ ਕੀਤਾ ਅਤੇ ਐੱਨਐੱਸਐੱਸ ਦੇ ਮੋਟੋ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐੱਨਐੱਸਐੱਸ ਦਿਵਸ ਸਿਰਫ ਇੱਕ ਦਿਨ ਦਾ ਜਸ਼ਨ ਨਹੀਂ, ਸਗੋਂ ਸੇਵਾ ਦੀ ਭਾਵਨਾ ਨੂੰ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਹੈ। ਉਹਨਾਂ ਕਿਹਾ ਕਿ ਐੱਨਐੱਸਐੱਸ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਏਕਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀ ਹੈ, ਜੋ ਇੱਕ ਚੰਗੇ ਨਾਗਰਿਕ ਬਣਨ ਲਈ ਬਹੁਤ ਜ਼ਰੂਰੀ ਹੈ। ਉਹਨਾਂ ਸਾਰੇ ਵਲੰਟੀਅਰਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਪ੍ਰੋਗਰਾਮ ਦੇ ਅੰਤ ਵਿੱਚ ਮੈਡਮ ਪਰਮਪ੍ਰੀਤ ਕੌਰ (ਰਾਜਨੀਤੀ ਸ਼ਾਸਤਰ ਵਿਭਾਗ) ਨੇ ਆਏ ਹੋਏ ਸਾਰੇ ਵਲੰਟੀਅਰਾਂ ਅਤੇ ਸਟਾਫ ਦਾ ਧੰਨਵਾਦ ਕੀਤਾ।