ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਲਾਗੂ ਕਰੇ ਸਰਕਾਰ : ਮਾਨ/ਭੁੱਲਰ ਨੰਬਰਦਾਰ ਯੂਨੀਅਨ ਰਜਿ. 643 ਵੱਲੋਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ
Publish Date: Sun, 09 Aug 2026 08:19 PM (IST)
Updated Date: Sun, 09 Aug 2026 08:20 PM (IST)
ਨੰਬਰਦਾਰ ਯੂਨੀਅਨ ਰਜਿ. 643 ਵੱਲੋਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਦੌਰਾਨ ਨੰਬਰਦਾਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਨੰਬਰਦਾਰਾਂ ਦਾ ਮਾਣ-ਭੱਤਾ ਦੁਗਣਾ ਕੀਤਾ ਜਾਵੇਗਾ ਤੇ ਨੰਬਰਦਾਰੀ ਜੱਦੀ ਪੁਸ਼ਤੀ ਨਿਰੰਤਰ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਅਜੇ ਤੱਕ ਦੋਵੇਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਹ ਜਾਣਕਾਰੀ ਅੱਜ ਪੰਜਾਬ ਨੰਬਰਦਾਰ ਯੂਨੀਅਨ ਰਜਿ (643) ਸਮਰਾ ਗਰੁੱਪ ਵੱਲੋਂ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਬਲਰਾਮ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ, ਸਾਹਿਬ ਸਿੰਘ ਭੁੱਲਰ ਤਹਿਸੀਲ ਪ੍ਰਧਾਨ ਸੁਲਤਾਨਪੁਰ ਲੋਧੀ, ਮੰਗਲ ਸਿੰਘ ਭੱਟੀ ਵਾਈਸ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਕੁਲਦੀਪ ਸਿੰਘ ਸਾਗਰਾਂ ਜਰਨਲ ਸਕੱਤਰ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ, ਅਮਰਜੀਤ ਸਿੰਘ ਫੌਜੀ ਕਲੋਨੀ ਖਜ਼ਾਨਚੀ ਦੀ ਅਗਵਾਈ ਵਿੱਚ ਕਪੂਰਥਲਾ ਵਿਖੇ ਹੋਈ ਮੀਟਿੰਗ ਉਪਰੰਤ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁਲੱਥ ਦੇ ਪੀਏ ਜਸਕਰਨ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਦੇਣ ਮੌਕੇ ਦਿੱਤੀ ਗਈ। ਨੰਬਰਦਾਰ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਐੱਮਐੱਲਏ ਭਲੱਥ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਨੰਬਰਦਾਰ ਯੂਨੀਅਨ ਦੀਆਂ ਬੜੇ ਹੀ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੋਂ ਸਰਕਾਰ ਨੂੰ ਜਾਣੂ ਕਰਵਾਇਆ ਜਾਵੇ ਤੇ ਅਮਲੀ ਜਾਮਾ ਪਹਿਨਾਇਆ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਜਿੰਨਾ ਵਿੱਚ ਨੰਬਰਦਾਰਾਂ ਦਾ 10 ਹਜ਼ਾਰ ਰੁਪਏ ਮਾਣ ਭੱਤਾ, ਜੱਦੀ ਪੁਸ਼ਤੀ ਨੰਬਰਦਾਰੀ, ਟੋਲ ਪਲਾਜ਼ਾ ਫਰੀ, ਬੱਸਾਂ ਦਾ ਸਫਰ ਫਰੀ ਆਦਿ ਮੰਗਾਂ ਦੀ ਮੰਗ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਾਂ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਬਿਲਕੁਲ ਅਵੇਸਲੀ ਹੋਈ ਪਈ ਹੈ ਤੇ ਸਰਕਾਰ ਨੂੰ ਯਾਦ ਕਰਵਾਉਣ ਲਈ ਅੱਜ ਇਹ ਮੰਗ ਪੱਤਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਨੰਬਰਦਾਰ ਯੂਨੀਅਨ ਵੱਲੋਂ ਪੰਜਾਬ ਪੱਧਰੀ ਰੈਲੀ ਕਰਕੇ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਵਾਲੀ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਕੁਝ ਦਿਨਾਂ ਵਿੱਚ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਯੂਨੀਅਨ ਰਜਿ.( 643 ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਜਾਂ ਚੰਡੀਗੜ੍ਹ ਵਿਖੇ ਪੰਜਾਬ ਪੱਧਰ ਦੀ ਰੈਲੀ ਕਰਕੇ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਨੰਬਰਦਾਰ ਸੁਖਦੇਵ ਸਿੰਘ ਕਬੀਰਪੁਰ, ਭੁਪਿੰਦਰ ਸਿੰਘ ਧਾਲੀਵਾਲ, ਸੰਤੋਖ ਸਿੰਘ ਧਾਲੀਵਾਲ, ਅਵਤਾਰ ਸਿੰਘ ਭੱਡੇ, ਸੰਤੋਖ ਸਿੰਘ ਮੱਲੀ, ਸੁਖਜਿੰਦਰ ਸਿੰਘ ਕਬੀਰਪੁਰ, ਵਾਈਸ ਜਨਰਲ ਸਕੱਤਰ ਸੁਖਰਾਜ ਸਿੰਘ ਸ਼ੇਖ ਮਾਂਗਾ ਆਦਿ ਵੀ ਹਾਜ਼ਰ ਸਨ।