ਖਾਲਸਾ ਕਾਲਜ ’ਚ ਸਹੁੰ ਚੁੱਕ ਸਮਾਗਮ ਆਯੋਜਿਤ ਖਾਲਸਾ ਕਾਲਜ ਵਿਖੇ ਕੌਮੀ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਆਯੋਜਿਤ
Publish Date: Thu, 26 Nov 2026 08:35 PM (IST)
Updated Date: Thu, 26 Nov 2026 08:37 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕੌਮੀ ਸੰਵਿਧਾਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐੱਨਐੱਸਐੱਸ ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਤੇ ਲੀਗਲ ਲਿਟਰੇਸੀ ਸੈੱਲ ਦੇ ਇੰਚਾਰਜ ਪ੍ਰੋ. ਸੰਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ਼, ਐੱਨਐੱਸਐੱਸ ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਦੇਸ਼ ਦੀ ਏਕਤਾ, ਅਖੰਡਤਾ, ਪ੍ਰਭੂਸੱਤਾ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦਾ ਪ੍ਰਣ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਸੰਦੀਪ ਕੌਰ ਨੇ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਜੀ ਦੇ ਯੋਗਦਾਨ ਨੂੰ ਯਾਦ ਕੀਤਾ ਤੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਮੌਲਿਕ ਫ਼ਰਜ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਤੇ ਨਿਆਂ ਦਾ ਹੱਕ ਦਿੰਦਾ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਇਸ ਦੀ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਸ਼ਿਲਪਾ ਤੇ ਲੀਗਲ ਲਿਟਰੇਸੀ ਸੈੱਲ ਦੇ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਕਾਨੂੰਨੀ ਸਾਖਰਤਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿੱਚ ਕਾਲਜ ਪ੍ਰਬੰਧਕੀ ਕਮੇਟੀ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।