ਆਬਜ਼ਰਵਰਾਂ ਨੇ ਈਵੀਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰਾਂ ਨੇ ਈ.ਵੀ.ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ (ਐੱਫ.ਐੱਲ.ਸੀ.) ਦਾ ਲਿਆ ਜਾਇਜ਼ਾ
Publish Date: Fri, 13 Nov 2026 08:26 PM (IST)
Updated Date: Fri, 13 Nov 2026 08:30 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਚੋਣ ਅਧਿਕਾਰੀ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਦੀ ਪਹਿਲੇ ਪੱਧਰ ਦੀ ਜਾਂਚ ਦੀ ਪ੍ਰਕਿਰਿਆ 12 ਨਵੰਬਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਈਵੀਐੱਮ ਵੇਅਰਹਾਊਸ ਵਿਖੇ ਸ਼ੁਰੂ ਹੋ ਗਈ ਹੈ। ਇਹ ਜਾਂਚ ਬੰਗਲੌਰ ਤੋਂ ਆਏ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ) ਦੇ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅੰਡਰ ਸੈਕਟਰੀ ਰਾਕੇਸ਼ ਕੁਮਾਰ ਤੇ ਸੈਕਸ਼ਨ ਅਫ਼ਸਰ ਉਦਿਤਾ ਕੰਡਪਾਲ ਨੇ ਜ਼ਿਲ੍ਹਾ ਈਵੀਐੱਮ ਵੇਅਰਹਾਊਸ ਵਿਖੇ ਪਹੁੰਚ ਕੇ ਚੱਲ ਰਹੀ ਜਾਂਚ ਪ੍ਰਕਿਰਿਆ ਦਾ ਨਿਰੀਖਣ ਕੀਤਾ ਤੇ ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਜਾਂਚ ਲਈ ਉਪਲਬਧ ਕਰਵਾਈਆਂ ਗਈਆਂ ਸਹੂਲਤਾਂ ਤੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ, ਜੋ ਤਸੱਲੀਬਖ਼ਸ਼ ਪਾਏ ਗਏ। ਇਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚੱਲ ਰਹੀ ਪਹਿਲੇ ਪੱਧਰ ਦੀ ਜਾਂਚ (ਐੱਫਐੱਲਸੀ) ਦੌਰਾਨ ਜ਼ਿਲ੍ਹਾ ਈਵੀਐੱਮ ਵੇਅਰਹਾਊਸ ਵਿਖੇ ਆਪਣੇ ਅਧਿਕਾਰਤ ਨੁਮਾਇੰਦਿਆਂ ਦੀ ਹਾਜ਼ਰੀ ਯਕੀਨੀ ਬਣਾਉਣ। ਇਹ ਜਾਂਚ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾ ਰਹੀ ਹੈ।