ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ
20 ਮਾਰਚ ਨੂੰ ਸਿਕੰਦਰ ਸਲੀਮ ਆਪਣੇ ਸੁਰੀਲੇ ਗੀਤਾਂ ਨਾਲ ਰੰਗ ਬੰਨਣਗੇ
Publish Date: Thu, 19 Mar 2026 09:48 PM (IST)
Updated Date: Thu, 19 Mar 2026 09:49 PM (IST)
––20 ਤੋਂ 22 ਮਾਰਚ ਤੱਕ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਵੇਗਾ ਮੇਲਾ
––ਅੱਜ ਸਿਕੰਦਰ ਸਲੀਮ ਆਪਣੇ ਸੁਰੀਲੇ ਗੀਤਾਂ ਨਾਲ ਰੰਗ ਬੰਨਣਗੇ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਪੂਰਥਲਾ ਵਿਰਾਸਤੀ ਮੇਲਾ–2026, 20, 21 ਤੇ 22 ਮਾਰਚ 2026 ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ 20 ਮਾਰਚ ਨੂੰ ਪ੍ਰਸਿੱਧ ਗਾਇਕ ਸਿਕੰਦਰ ਸਲੀਮ ਆਪਣੇ ਸੁਰੀਲੇ ਗੀਤਾਂ ਨਾਲ ਸਮਾਗਮ ਵਿਚ ਰੰਗ ਬੰਨਣਗੇ। ਇਸ ਮੌਕੇ ਹੋਰ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ, ਜਿਨ੍ਹਾਂ ਰਾਹੀਂ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਮੇਲੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਹਰ ਰੋਜ਼ ਸਵੇਰੇ 11 ਵਜੇ ਤੋਂ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਹੋਣਗੀਆਂ, ਜਦਕਿ ਸ਼ਾਮ ਨੂੰ ਮਸ਼ਹੂਰ ਕਲਾਕਾਰਾਂ ਵੱਲੋਂ ਸਟਾਰ ਨਾਈਟ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਮੌਕੇ 20 ਮਾਰਚ ਨੂੰ ਸਿਕੰਦਰ ਸਲੀਮ ਆਪਣੇ ਸੁਰੀਲੇ ਗੀਤਾਂ ਨਾਲ ਸਮਾਗਮ ਵਿਚ ਰੰਗ ਬੰਨਣਗੇ। ਇਸੇ ਤਰ੍ਹਾਂ 21 ਮਾਰਚ ਨੂੰ ਗੁਰਨਾਮ ਭੁੱਲਰ ਤੇ 22 ਮਾਰਚ ਨੂੰ ਕਨਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਲੋਕਾਂ ਦੇ ਮਨੋਰੰਜਨ ਅਤੇ ਰੁਚੀ ਲਈ ਫੂਡ ਕੋਰਟ, ਕਰਾਫਟ ਬਜ਼ਾਰ, ਕਿਡਜ਼ ਜ਼ੋਨ ਤੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵੀ ਖਾਸ ਆਕਰਸ਼ਣ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਦੀ ਪਰੰਪਰਾਗਤ ਕਲਾ ਤੇ ਹਸਤਸ਼ਿਲਪ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਮਕਸਦ ਪੰਜਾਬ ਦੀ ਵਿਰਾਸਤ, ਸਭਿਆਚਾਰ ਅਤੇ ਲੋਕ ਕਲਾਵਾਂ ਨੂੰ ਉਭਾਰਨਾ ਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੇਲੇ ਵਿਚ ਪਹੁੰਚ ਕੇ ਇਸ ਸਮਾਗਮ ਨੂੰ ਕਾਮਯਾਬ ਬਣਾਉਣ।