8 ਨੂੰ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਦਾ ਘੇਰਾਓ ਹੋਵੇਗਾ : ਦਿਓਲ
ਪੰਜਾਬ ਸਰਕਾਰ ਦੇ ਮਹਿਲਾਵਾਂ ਪ੍ਰਤੀ ਮੋਹ ਦਾ ਚੌਰਾਹੇ ਭਾਂਡਾ ਭੰਨੇਗੀ : ਦਿਓਲ
Publish Date: Sat, 28 Feb 2026 08:16 PM (IST)
Updated Date: Sat, 28 Feb 2026 08:16 PM (IST)

--ਲੰਬੇ ਸਮੇਂ ਤੋਂ ਫਾਈਲ ਕਲੀਅਰ ਨਹੀਂ ਕਰ ਰਹੇ ਸਿਹਤ ਮੰਤਰੀ --ਸਰਕਾਰ ਦੇ ਮਹਿਲਾਵਾਂ ਪ੍ਰਤੀ ਮੋਹ ਦਾ ਭਾਂਡਾ ਭੱਜੇਗਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼, ਪਟਿਆਲਾ ਵਿਖੇ ਮਹਿਲਾ ਦਿਵਸ ’ਤੇ 8 ਮਾਰਚ ਨੂੰ ਰੋਸ ਪ੍ਰਦਰਸ਼ਨ ਕਰਨ ਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਵਿਭਾਗ ਵਿਚ ਲਗਭਗ 90% ਮਹਿਲਾਵਾਂ ਕੰਮ ਕਰਦੀਆਂ ਹਨ ਤੇ ਪੰਜਾਬ ਸਰਕਾਰ ਮਹਿਲਾਵਾਂ ਦੇ ਪ੍ਰਤੀ ਕਿੰਨੀ ਕਿ ਸੁਹਿਰਦ ਹੈ ਇਸ ਬਾਰੇ ਨਾਰੀ ਸ਼ਕਤੀ ਸਰਕਾਰ ਦਾ ਭਾਂਡਾ ਭੰਨੇਗੀ, ਜਿਸ ਤਹਿਤ ਪ੍ਰਦਰਸ਼ਨ ਗੁਰਦੁਆਰਾ ਸਾਹਿਬ ਤ੍ਰਿਪੜੀ ਤੋਂ ਹੁੰਦੇ ਗੁਰਦੁਵਾਰਾ ਦੂਖ ਨਿਵਾਰਨ ਸਾਹਿਬ ਦੇ ਚੌਕ ਵਿਚ ਚੱਕਾ ਜਾਮ ਕਰਕੇ ਸਿਹਤ ਮੰਤਰੀ ਦੇ ਘਰ ਦਾ ਘੇਰਾਓ ਕੀਤਾ ਜਾਵੇਗਾ। ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 15/02/26 ਨੂੰ ਵੀ ਕਰਮਚਾਰੀਆਂ ਵੱਲੋਂ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਉਪਰੰਤ 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਤੇ ਮੰਗਾਂ ਨੂੰ ਮੰਨਣ ਦੇ ਵਿਸਵਾਸ਼ ਨਾਲ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਸੀ ਤੇ ਪ੍ਰਸ਼ਾਸਨ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਾਰਚ ਦੇ ਪਹਿਲੇ ਹਫਤੇ ਧਰਨਾ, ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਤਕਰੀਬਨ 15 ਦਿਨ ਬੀਤ ਜਾਣ ’ਤੇ ਵੀ ਕਰਮਚਾਰੀਆਂ ਦੀ ਮੰਗ ਦਿੱਲੀ ਸਰਕਾਰ ਦੀ ਤਰਜ ’ਤੇ 20% ਵਾਧਾ ਉਪਰ ਕੋਈ ਕਰਵਾਈ ਨਹੀਂ ਕੀਤੀ ਗਈ, ਜਿਸ ਨਾਲ ਕਮਰਚਾਰੀਆਂ ਵਿਚ ਰੋਸ ਦੀ ਭਾਵਨਾ ਹੈ ਤੇ ਇਸ ਰੋਸ ਨੂੰ ਪ੍ਰਗਟ ਕਰਨ ਲਈ ਮਿਤੀ 08/03/2026 ਨੂੰ ਕਰਮਚਾਰੀ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼ ਪਟਿਆਲਾ ਦਾ ਘੇਰਾਓ ਕਰਨਗੇ। ਜ਼ਿਲ੍ਹਾ ਪ੍ਰਧਾਨ ਕਾਬਲ ਸਿੰਘ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਤੇ ਦਿੱਲੀ ਸਰਕਾਰ ਦੀ ਤਰਜ ‘ਤੇ ਤਨਖਾਹਾਂ ਵਿਚ 20 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨਾਲ ਲਗਭਗ 50 ਤੋਂ ਵੱਧ ਮੀਟਿੰਗਾਂ ਹੋਣ ਦੇ ਬਾਵਜੂਦ ਕਰਮਚਾਰੀਆਂ ਦੇ ਹੱਕ ਵਿਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਹਰ ਵਾਰ ਮਸਲੇ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਜ਼ਮੀਨੀ ਪੱਧਰ ‘ਤੇ ਕੋਈ ਕਾਰਵਾਈ ਨਹੀਂ ਹੋਈ। ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਾਲ ਵਿਚ ਹੋਣ ਦੇ ਬਾਵਜੂਦ ਕਰਮਚਾਰੀਆਂ ਨੂੰ ਸਿਰਫ਼ ਭਰੋਸਿਆਂ ਤੱਕ ਹੀ ਸੀਮਿਤ ਰੱਖ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਧਰਨਾ ਛੁੱਟੀ ਵਾਲੇ ਦਿਨ ਲਗਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਜੀਤ ਰਾਣੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ 2027 ਦੀਆਂ ਚੋਣਾਂ ਦੌਰਾਨ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।