- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਪੱਧਰੀ ਸੱਦੇ 'ਤੇ ਮਜ਼ਦੂਰਾਂ ਨੇ ਲਾਇਆ ਡੀਸੀ ਦਫ਼ਤਰ ਕਪੂਰਥਲਾ ਦੇ ਬਾਹਰ ਧਰਨਾ

ਕੇਂਦਰ ਤੇ ਸੂਬਾ ਸਰਕਾਰ ਨੂੰ ਦੱਸਿਆ ਮਜ਼ਦੂਰ ਵਿਰੋਧੀ, ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਰਿਹਾਅ ਕਰਨ ਦੀ ਮੰਗ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉੱਤੇ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਲਗਾ ਕੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਪਿਆਂ ਗਿਆ, ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮਜ਼ਦੂਰ ਵਿਰੋਧੀ ਦੱਸਦਿਆਂ ਸਾਰੇ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਨ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਧਰਨੇ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਹਰਬੰਸ ਮੱਟੂ, ਯੂਥ ਵਿੰਗ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਚੀਦਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੇ ਸਭ ਤੋਂ ਦੱਬੇ ਕੁੱਚਲੇ ਲੋਕਾਂ ਦੀ ਮੰਦੀ ਹਾਲਤ ਦਾ ਕਾਰਨ ਮਨੁਵਾਦੀ ਵਿਚਾਰਧਾਰਾ ਹੈ, ਜਾਤ ਪਾਤੀ ਵਿਤਕਰਾ ਅਤੇ ਜਾਇਦਾਦ ਤੋਂ ਵਾਂਝੇ ਕੀਤੇ ਇਹ ਲੋਕ ਸਦੀਆਂ ਤੋਂ ਸਮਾਜਿਕ ਕਾਣੀ ਵੰਡ ਦਾ ਸ਼ਿਕਾਰ ਹਨ, ਉਹਨਾਂ ਕਿਹਾ ਕਿ ਹੁਣ ਮਨਰੇਗਾ ਰਾਹੀਂ ਮਿਲਦੇ ਨਿਗੂਣੇ ਰੁਜਗਾਰ ਨੂੰ ਖੋਹਕੇ ਅਤੇ ਚਾਰ ਲੇਬਰ ਕੋਡ ਲਾਗੂ ਕਰਕੇ ਕੇਂਦਰ ਸਰਕਾਰ ਨੇ ਉਸੇ ਮਨੁਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਨੂੰ ਪਾਸ ਕਰ ਕੇ ਮੋਦੀ ਸਰਕਾਰ ਗਰੀਬਾਂ ਦੇ ਘਰੀਂ ਹਨੇਰਾ ਕਰਨ ਲਈ ਤੁਰੀ ਹੈ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਲਗਾ ਕੇ ਆਈ ਸਰਕਾਰ ਨੇ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ 'ਤੇ ਚੱਲਦਿਆਂ ਜਾਗੀਰਦਾਰਾਂ ਤੇ ਸਰਮਾਏਦਾਰਾਂ ਦਾ ਹੀ ਵਿਕਾਸ ਕੀਤਾ ਹੈ, ਮਜ਼ਦੂਰ ਆਗੂਆਂ ਨੇ ਕਿਹਾ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਦੇ ਮੁੱਖ ਮੰਤਰੀ ਵਾਅਦਿਆਂ ਤੋਂ ਮੁਕਰਦਾ ਰਿਹਾ ਹੈ। ਆਪਣੇ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਬਹਾਲ ਕਰਕੇ ਇਸ ਵਿਚ ਸੋਧਾਂ ਕਰਕੇ ਸਭਨਾਂ ਲੋੜਵੰਦਾਂ ਨੂੰ ਸਾਲ ਭਰ ਲਈ ਰੁਜ਼ਗਾਰ ਦੀ ਗਰੰਟੀ ਕੀਤੀ ਜਾਵੇ ਅਤੇ ਦਿਹਾੜੀ ਘੱਟੋ ਘੱਟ 700 ਰੁਪਏ ਕੀਤੀ ਜਾਵੇ, ਕਿਰਤ ਕਾਨੂੰਨ ਬਹਾਲ ਕਰਨ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕਰਦਿਆਂ , ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਹੜਾਂ ਬਾਰਸ਼ਾਂ ਨਾਲ ਹੋਏ ਮਜ਼ਦੂਰਾਂ ਕਿਸਾਨਾਂ ਅਤੇ ਹੋਰ ਲੋਕਾਂ ਦੇ ਨੁਕਸਾਨ ਦੀ ਪੂਰਨ ਭਰਪਾਈ ਕਰਨ, ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ, ਵਿਧਵਾ ਬੁਢਾਪਾ ਪੈਨਸ਼ਨ 5000 ਰੁਪਏ ਕਰਨ, ਔਰਤਾਂ ਦੇ ਖਾਤੇ ਵਿੱਚ ਰੁਪਏ ਪਾਉਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕਰਨ ਅਤੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਸਮੇਤ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ 'ਚ ਵੰਡਣ ਦੀ ਮੰਗ ਕੀਤੀ।
ਇਕ ਵਿਸ਼ੇਸ਼ ਮਤੇ ਰਾਹੀਂ ਉਹਨਾਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਤੁਰਤ ਰਿਹਾਅ ਕਰਨ ਅਤੇ ਪੱਤਰਕਾਰਾਂ 'ਤੇ ਦਰਜ਼ ਕੀਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ । ਇਸ ਮੌਕੇ ਭਰਾਤਰੀ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਪੰਜਾਬ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਆਗੂ ਮਾਸਟਰ ਗੁਰਦੀਪ ਸਿੰਘ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਰਣਜੀਤ ਸਿੰਘ ਰਾਣਾ, ਮਾਸਟਰ ਰਾਜਪਾਲ ਸਿੰਘ, ਸਰਬਨ ਸਿੰਘ ਦੋਦਾ ਵਜ਼ੀਰ ਨੇ ਵੀ ਸੰਬੋਧਨ ਕੀਤਾ ਅਤੇ ਪਿਆਰਾ ਸਿੰਘ ਭੰਡਾਲ ਦੋਨਾ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ।