ਲੋਹੜੀ ਮੌਕੇ ਕੇਐਮਐਮ ਪੰਜਾਬ ਵਲੋ ਕਪੂਰਥਲਾ ਜ਼ਿਲ੍ਹੇ ਦੇ ਸੈਂਕੜੇ ਪਿੰਡਾਂ ਵਿੱਚ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਪਰਮਜੀਤ ਸਿੰਘ ਪੰਜਾਬੀ ਜਾਗਰਣ
ਡਡਵਿੰਡੀ : ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ‘ਤੇ ਅੱਜ ਲੋਹੜੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਸੈਂਕੜੇ ਪਿੰਡਾਂ ਵਿਚ ਲੋਹੜੀ ਦੇ ਭੁੱਗਿਆਂ ‘ਚ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ। ਜ਼ੋਨ ਨਡਾਲਾ ਵਿਚ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ, ਜ਼ੋਨ ਸੁਲਤਾਨਪੁਰ ਲੋਧੀ ਵਿਚ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਅਤੇ ਖ਼ਜ਼ਾਨਚੀ ਮਲਕੀਤ ਸਿੰਘ ਫੱਤੋਵਾਲ ਦੀ ਅਗਵਾਈ ਹੇਠ ਅਨੇਕਾਂ ਪਿੰਡਾਂ ਵਿਚ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸੇ ਤਰ੍ਹਾਂ ਜ਼ੋਨ ਭਾਈ ਲਾਲੂ ਜੀ ਡੱਲਾ ਵਿਚ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਬਲਵੀਰ ਸਿੰਘ ਬੁੱਟਰ ਕੋਟ ਕਰਾਰ ਖਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ੋਨ ਮੀਰੀ ਪੀਰੀ ਗੁਰਸਰ ਵਿਚ ਪ੍ਰਧਾਨ ਹਰਵਿੰਦਰ ਸਿੰਘ ਉਚਾ, ਜ਼ੋਨ ਬਾਬਾ ਬੀਰ ਸਿੰਘ ਵਿਚ ਪ੍ਰਧਾਨ ਪਿਆਰਾ ਸਿੰਘ ਅਤੇ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਵਿਚ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਹੇਠ ਵੀ ਅਨੇਕਾਂ ਪਿੰਡਾਂ ਵਿਚ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਰ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਬਿਜਲੀ ਸੋਧ ਬਿਲ 2025 ਜੇਕਰ ਕਾਨੂੰਨ ਬਣਦਾ ਹੈ ਤਾਂ ਦੇਸ਼ ਦੇ ਕਰੋੜਾਂ ਗਰੀਬ ਖਪਤਕਾਰਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ ਅਤੇ ਇਸ ‘ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਲਈ ਬਿਜਲੀ ਦੇ ਬਿੱਲ ਭਰਨਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਬਜਟ ਵਿਚ 40 ਫੀਸਦੀ ਕਟੌਤੀ ਕਰਕੇ ਮਜ਼ਦੂਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਜਦਕਿ ਬੇਰੁਜ਼ਗਾਰੀ ਪਹਿਲਾਂ ਹੀ ਚਰਮ ‘ਤੇ ਹੈ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਨੂੰ ਮੁੜ ਬਹਾਲ ਕਰਕੇ 200 ਦਿਨ ਕੰਮ ਅਤੇ 700 ਰੁਪਏ ਪ੍ਰਤੀ ਦਿਹਾੜੀ ਦਿੱਤੀ ਜਾਵੇ।
ਆਗੂਆਂ ਨੇ ਬੀਜ ਬਿਲ 2025, ਕਰ-ਮੁਕਤ ਵਪਾਰ ਸਮਝੌਤਿਆਂ ਅਤੇ ਆਨਲਾਈਨ ਵਪਾਰ ਦੀ ਨੀਤੀ ਨੂੰ ਖੇਤੀ, ਛੋਟੇ ਦੁਕਾਨਦਾਰਾਂ, ਰੇਹੜੀ-ਫੜੀ ਅਤੇ ਛੋਟੇ ਕਾਰੋਬਾਰੀਆਂ ਲਈ ਘਾਤਕ ਦੱਸਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ 29 ਕਿਰਤ ਕਾਨੂੰਨਾਂ ਦੀ ਥਾਂ ਲਿਆਂਦੇ 4 ਕਿਰਤ ਕਾਨੂੰਨਾਂ ਨਾਲ ਮਜ਼ਦੂਰਾਂ ਦੇ ਹੱਕ ਖੋਹੇ ਗਏ ਹਨ, ਜੋ ਤੁਰੰਤ ਰੱਦ ਕੀਤੇ ਜਾਣ। ਆਖ਼ਰ ਵਿਚ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ 21 ਅਤੇ 22 ਜਨਵਰੀ ਨੂੰ ਸਮਾਰਟ ਮੀਟਰ ਉਤਾਰ ਕੇ ਨੇੜਲੇ ਬਿਜਲੀ ਦਫ਼ਤਰਾਂ ਵਿਚ ਜਮ੍ਹਾਂ ਕਰਵਾਏ ਜਾਣਗੇ, ਜਦਕਿ 5 ਫਰਵਰੀ ਨੂੰ ਮੰਤਰੀਆਂ ਦੇ ਘਰਾਂ ਅੱਗੇ ਇਕ ਦਿਨਾ ਘੇਰਾਓ ਕੀਤਾ ਜਾਵੇਗਾ। ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਸਾਰੇ ਸੰਘਰਸ਼ੀ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।