ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ 557ਵੇਂ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
Publish Date: Tue, 24 Nov 2026 09:24 PM (IST)
Updated Date: Tue, 24 Nov 2026 09:25 PM (IST)
ਲਖਵੀਰ ਲੱਖੀ\ਕੁਲਬੀਰ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ ਤੇ ਪੰਜਾਬ ਦੇ ਲੋਕਾਂ ਦੀ ਸ਼ਾਂਤੀ, ਖ਼ੁਸ਼ਹਾਲੀ ਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਪਵਿੱਤਰ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸੱਚਾਈ, ਬਰਾਬਰਤਾ, ਦਇਆ, ਇਮਾਨਦਾਰੀ ਨਾਲ ਕਿਰਤ ਕਰਨ ਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬ ਸਾਂਝਾ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਸਾਰਥਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਸਮਾਜ ਸੁਧਾਰਕ ਤੇ ਅਧਿਆਤਮਕ ਰਹਿਬਰ ਸਨ, ਜਿਨ੍ਹਾਂ ਨੇ ਆਪਣੇ ਜੀਵਨ ਤੇ ਫਲਸਫ਼ੇ ਰਾਹੀਂ ਪਿਆਰ, ਦਿਆ, ਆਪਸੀ ਸਹਿਣਸ਼ੀਲਤਾ, ਸਰਬ-ਸਾਂਝੀਵਾਲਤਾ ਤੇ ਮਨੁੱਖਤਾ ਦੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ‘ਸੰਗਤ ਤੇ ਪੰਗਤ’ ਦੀ ਮਹਾਨ ਵਿਚਾਰਧਾਰਾ ਰਾਹੀਂ ਸਮਾਜਿਕ ਬਰਾਬਰਤਾ ਸਥਾਪਤ ਕਰਨ ਤੇ ਜਾਤ-ਪਾਤ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਤੇ ਬਰਾਬਰਤਾ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।