ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
Publish Date: Fri, 20 Nov 2026 06:50 PM (IST)
Updated Date: Fri, 20 Nov 2026 06:52 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਗਤੀ ਦੇ ਮੁਜੱਸਮੇ ਤੇ ਸ਼੍ਰੋਮਣੀ ਭਗਤ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ’ਤੇ ਮੁੱਖ ਸੰਚਾਲਕ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ, ਫਗਵਾੜਾ ਦੇ ਸ੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਭਗਤ ਨਾਮਦੇਵ ਜੀ ਦੇ ਜੀਵਨ, ਉਨ੍ਹਾਂ ਦੀ ਅਦੁੱਤੀ ਭਗਤੀ ਤੇ ਅਧਿਆਤਮਿਕ ਵਿਚਾਰਧਾਰਾ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਉਨ੍ਹਾਂ ਵੱਲੋਂ ਦਰਸਾਏ ਸੱਚ, ਸਿਮਰਨ, ਨਿਮਰਤਾ ਤੇ ਪਰਮਾਤਮਾ ਦੀ ਭਗਤੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਸਾਨੂੰ ਪਰਮਾਤਮਾ ਪ੍ਰਤੀ ਅਟੁੱਟ ਵਿਸ਼ਵਾਸ, ਸੱਚੀ ਸ਼ਰਧਾ ਤੇ ਨਿਸ਼ਕਾਮ ਭਗਤੀ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰੇ, ਬਰਾਬਰਤਾ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਭਗਤ ਨਾਮਦੇਵ ਜੀ ਨੇ ਆਪਣੀ ਭਗਤੀ ਰਾਹੀਂ ਇਹ ਸਮਝਾਇਆ ਕਿ ਪਰਮਾਤਮਾ ਦੀ ਪ੍ਰਾਪਤੀ ਲਈ ਮਨ ਦੀ ਪਵਿੱਤਰਤਾ, ਸੱਚੀ ਲਗਨ ਤੇ ਨਿਰਮਲ ਹਿਰਦਾ ਹੋਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਮਹਾਨ ਭਗਤਾਂ ਦੀਆਂ ਸਿੱਖਿਆਵਾਂ ਨੂੰ ਸਿਰਫ਼ ਯਾਦ ਕਰਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਅੰਦਰ ਪਿਆਰ, ਸਤਿਕਾਰ, ਸਦਭਾਵਨਾ ਤੇ ਧਾਰਮਿਕ ਸਹਿਣਸ਼ੀਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਅੰਤ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜਨ, ਨਾਮ ਸਿਮਰਨ ਕਰਨ ਤੇ ਮਹਾਨ ਭਗਤਾਂ ਵੱਲੋਂ ਦਿਖਾਏ ਗਏ ਰਸਤੇ ’ਤੇ ਚੱਲਦਿਆਂ ਆਪਣਾ ਜੀਵਨ ਸਫਲ ਬਣਾਉਣ।