ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਗਸ਼ਤ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬਧ ਵਿੱਚ ਚੌਕੀ ਡੱਲਾ ਤੋਂ ਪਿੰਡ ਤਾਰਪੁਰ ਤੋਂ ਪਿੰਡ ਮਨਿਆਲਾ ਟੀ ਪੁਆਇੰਟ ਤੋਂ ਲਿੰਕ ਰੋਡ ਪਿੰਡ ਸ਼ੇਰਪੁਰ ਦੋਨਾ ਨੂੰ ਜਾ ਰਹੀ ਸੀ ਕਿ ਇਸ ਦੌਰਾਨ ਜਦ ਪੁਲਿਸ ਪਾਰਟੀ ਮਨਿਆਲਾ ਚੌਕ ਤੋਂ ਕਰੀਬ 1 ਕਿਲੋਮੀਟਰ ਅੱਗੇ ਪੁੱਜੇ ਤਾ ਪਿੰਡ ਸ਼ੇਰਪੁਰ ਦੋਨਾ ਵੱਲੋਂ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਦਿਲਬਾਗ ਸਿੰਘ ਉਰਫ ਸੋਨੂੰ ਵਾਸੀ ਪਿੰਡ ਲਾਟੀਆਂਵਾਲ ਥਾਣਾ ਸੁਲਤਨਾਪੁਰ ਲੋਧੀ ਵਜੋਂ ਹੋਈ ਹੈ। ਐੱਸਐੱਚਓ ਨੇ ਦੱਸਿਆ ਕਿ ਮਾਮਲੇ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਜਾ ਚੁੱਕਾ ਹੈ।