ਅਮਨਜੋਤ ਵਾਲੀਆ, ਕਪੂਰਥਲਾ : ਥਾਣਾ ਸੁਲਤਾਨਪੁਰ ਲੋਧੀ 'ਚ ਪੈਂਦੇ ਪਿੰਡ ਪਾਜੀਆਂ ਦੇ ਨਜ਼ਦੀਕ ਇਕ ਬੁਲਟ ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ਵਿਚ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪ੍ਰਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੁਮਾਰ ਪੁੱਤਰ ਰਾਮ ਅਵਤਾਰ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਤੋਂ ਆਪਣੇ ਪਰਿਵਾਰਕ ਮੈਂਬਰ ਲੱਗਭਗ 15-16 ਮੈਂਬਰਾਂ ਨਾਲ ਛੋਟੇ ਹਾਥੀ 'ਤੇ ਸਵਾਰ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਪਿੰਡ ਪਾਜੀਆਂ ਦੇ ਨਜ਼ਦੀਕ ਪਹੁੰਚੇ ਤਾਂ ਦੂਜੇ ਪਾਸੇ ਤੋਂ ਆ ਰਹੇ ਬੁਲਟ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਛੋਟਾ ਹਾਥੀ ਹੀ ਪਲਟ ਗਿਆ। ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚ ਉਸ ਨੇ ਦੱਸਿਆ ਕਿ ਵੰਦਨਾ ਪੁੱਤਰੀ ਮਨਜੀਤ, ਜੋਤੀ ਪਤਨੀ ਸੰਜੀਵ ਕੁਮਾਰ, ਸੁਰਜੀਤ ਕੌਰ ਪਤਨੀ ਮਨਜੀਤ ਕੁਮਾਰ, ਕੁਲਵੰਤ ਕੌਰ, ਜਗਦੀਸ਼ ਪੁੱਤਰ ਦੋਲਤ ਸਿੰਘ ਜਿਸ ਨੂੰ ਜਲੰਧਰ ਰੈਫਰ ਕਰ ਦਿੱਤਾ, ਹਰਪ੍ਰਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਨ, ਜੋ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ 108 ਐਂਬੂਲੈਂਸ ਦੀ ਸਹਾਇਤਾ ਨਾਲ ਦਾਖਲ ਕਰਵਾਇਆ ਗਿਆ। ਜਿਥੇ ਡਿਊਟੀ ਡਾਕਟਰ ਅਨੁਸਾਰ ਸਾਰਿਆਂ ਦੀ ਹਾਲਤ ਗੰਭੀਰ ਹੈ ਅਤੇ ਇਲਾਜ਼ ਜਾਰੀ ਹੈ। ਇਸ ਸਬੰਧੀ ਡਿਊਟੀ ਡਾਕਟਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਇਕ ਵਿਅਕਤੀ ਜਿਸ ਦਾ ਨਾਮ ਇੰਦਰਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਹਰਪ੍ਰਰੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡਾਕਟਰਾਂ ਨੇ ਜਲੰਧਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ। ਇਸ ਸਬੰਧੀ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।