ਥਾਰ ਤੇ ਸਵਿਫਟ ਦੀ ਟੱਕਰ ’ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਥਾਰ ਤੇ ਸਵਿਫਟ ਕਾਰ ਦੀ ਟੱਕਰ ਇੱਕ ਵਿਅਕਤੀ ਦੀ ਮੌਤ, ਇੱਕ ਗੰਭੀਰ ਜ਼ਖਮੀ
Publish Date: Fri, 02 Jan 2026 09:02 PM (IST)
Updated Date: Fri, 02 Jan 2026 09:05 PM (IST)

ਸੁਖਪਾਲ ਸਿੰਘ ਹੁੰਦਲ ਪੰਜਾਬੀ ਜਾਗਰਣ ਕਪੂਰਥਲਾ : ਢਿੱਲਵਾਂ ਨੇੜੇ ਅੰਮ੍ਰਿਤਸਰ ਜੀਟੀ ਰੋਡ ਤੇ ਇਕ ਸਵਿਫਟ ਕਾਰ ਅਤੇ ਥਾਰ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਹੰਬੋਵਾਲ ਪਿੰਡ ਦੇ ਨੇੜੇ ਵਾਪਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਸੁਭਾਨਪੁਰ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਾ. ਚਿਰਾਗ ਗੁਪਤਾ ਨੇ ਦੱਸਿਆ ਕਿ ਆਰਸੀਐੱਫ ਦੇ ਰਹਿਣ ਵਾਲੇ ਜਗਜੀਤ ਸਿੰਘ ਦੇ ਪੁੱਤਰ ਤੇਜਿੰਦਰ ਸਿੰਘ ਨੂੰ 108 ਐਂਬੂਲੈਂਸ ਰਾਹੀਂ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਸਵਿਫਟ ਕਾਰ ਵਿਚ ਸਵਾਰ ਤੇਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਡਾ. ਗੁਪਤਾ ਦੇ ਅਨੁਸਾਰ, ਤੇਜਿੰਦਰ ਸਿੰਘ ਦੇ ਨਾਲ ਆਏ ਲੋਕਾਂ ਨੇ ਦੱਸਿਆ ਕਿ ਥਾਰ ਵਿਚ ਬਟਾਲਾ ਦੇ ਰਹਿਣ ਵਾਲੇ ਪਿਆਰਾ ਸਿੰਘ ਦੇ ਪੁੱਤਰ ਮਨਦੀਪ ਸਿੰਘ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਸੁਭਾਨਪੁਰ ਪੁਲਿਸ ਨੇ ਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖ ਦਿੱਤਾ ਹੈ। ਸੁਭਾਨਪੁਰ ਪੁਲਿਸ ਥਾਣੇ ਦੇ ਐੱਸਐੱਚਓ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੇ ਹਨ ਤੇ ਮਨਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।