ਪੰਜਾਬ ’ਚ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ : ਰਾਣਾ ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ: ਜਗਦੀਸ਼ ਰਾਣਾ
Publish Date: Sun, 18 Oct 2026 07:04 PM (IST)
Updated Date: Sun, 18 Oct 2026 07:06 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਬਹੁਜਨ ਸਮਾਜ ਪਾਰਟੀ ਜਲੰਧਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਉੱਘੇ ਲੇਖਕ ਜਗਦੀਸ਼ ਰਾਣਾ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਤਲ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਨੇ ਲੋਕਾਂ ਵਿੱਚ ਚਿੰਤਾ ਪੈਦਾ ਕੀਤੀ ਹੈ ਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਜਗਦੀਸ਼ ਰਾਣਾ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਜਦੋਂ ਸੂਬੇ ਵਿੱਚ ਕਤਲ, ਲੁੱਟ-ਖੋਹ ਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਆਮ ਲੋਕਾਂ ਵਿੱਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਘਟਨਾਵਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹੋਰ ਚੌਕਸੀ ਵਰਤਣੀ ਚਾਹੀਦੀ ਹੈ ਤੇ ਅਪਰਾਧੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਅਪਰਾਧਿਕ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਜਾਵੇ। ਬਸਪਾ ਆਗੂ ਜਗਦੀਸ਼ ਰਾਣਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਮਾਹੌਲ ਕਾਇਮ ਰੱਖਣ ਲਈ ਸਰਕਾਰ ਨੂੰ ਅਪਰਾਧਾਂ ਦੀ ਰੋਕਥਾਮ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ।