ਅਕਾਲੀ ਦਲ ਹੀ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੇ ਸਮਰੱਥ : ਗੁਰਸਿਮਰ ਸਿੰਘ ਅਕਾਲੀ ਦਲ ਹੀ ਨੌਜਵਾਨ ਪੀੜੀ ਨੂੰ ਸਹੀ ਦਿਸ਼ਾ ਦੇਣ ਦੇ ਸਮਰੱਥ-ਗੁਰਸਿਮਰ ਸਿੰਘ
Publish Date: Sun, 30 Aug 2026 07:13 PM (IST)
Updated Date: Sun, 30 Aug 2026 07:16 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬ ਦਾ ਨੌਜਵਾਨ ਵਰਗ ਸ਼ੋ੍ਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜਾ ਹੈ ਕਿਉਂਕਿ ਨੌਜਵਾਨ ਇਹ ਗੱਲ ਚੰਗੀ ਤਰ੍ਹਾਂ ਜਾਣ ਗਏ ਹਨ ਕਿ ਅਕਾਲੀ ਦਲ ਹੀ ਨੌਜਵਾਨ ਪੀੜੀ ਨੂੰ ਸਹੀ ਦਿਸ਼ਾ ਦੇਣ ਦੇ ਸਮਰੱਥ ਹੈ ਜਦਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਕੁੱਝ ਵੀ ਨਹੀਂ ਕੀਤਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਇੱਕ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਸੂਬੇ ਵਿਚ ਸ਼ੋ੍ਮਣੀ ਅਕਾਲੀ ਦਲ ਦੀ ਲਗਾਤਾਰ 10 ਸਾਲ ਸਰਕਾਰ ਰਹੀ ਉਦੋਂ ਨੌਜਵਾਨ ਵਰਗ ਲਈ ਵੱਖ-ਵੱਖ ਸਹੂਲਤਾਂ ਦਿੱਤੀਆਂ ਗਈਆਂ, ਜਿਨ੍ਹਾਂ ਤਹਿਤ ਜਿੱਥੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ, ਉੱਥੇ ਹੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ-ਪਿੰਡ ਜਿੰਮ ਖੋਲ੍ਹੇ ਗਏ ਤੇ ਨਾਲ ਹੀ ਖੇਡ ਕਿੱਟਾਂ ਵੰਡੀਆਂ ਗਈਆਂ ਜਦਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਨਾ ਤਾਂ ਸਰਕਾਰੀ ਨੌਕਰੀਆਂ ਹੀ ਦੇ ਸਕੀ ਤੇ ਨਾ ਹੀ ਖੇਡਾਂ ਨਾਲ ਜੋੜਨ ਲਈ ਕੋਈ ਉਪਰਾਲਾ ਕਰ ਸਕੀ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣੇ ਹੋਏ ਹਨ ਕਿ ਸੂਬੇ ਦੀ ਨੌਜਵਾਨ ਪੀੜੀ ਨੂੰ ਇਸ ਗੱਲ ਦੀ ਜਾਣਕਾਰੀ ਵੀ ਨਹੀਂ ਹੈ ਕਿ ਸੂਬਾ ਸਰਕਾਰ ਵਿਚ ਖੇਡ ਮੰਤਰੀ ਕੌਣ ਹੈ ਤੇ ਇਸ ਦਾ ਵੱਡਾ ਕਾਰਨ ਇਹ ਹੈ ਕਿ ਖੇਡ ਮੰਤਰੀ ਨੇ ਆਪਣੀ ਕੋਈ ਜ਼ਿੰਮੇਵਾਰੀ ਹੀ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੇ ਬਜ਼ੁਰਗਾਂ ਵੱਲੋਂ ਆਉਣ ਵਾਲੇ ਸਮੇਂ ਵਿਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਰਹੀ ਹੈ ਤੇ ਸਰਕਾਰ ਬਣਨ ਉਪਰੰਤ ਬਾਕੀ ਵਰਗਾਂ ਦਾ ਨਾਲ-ਨਾਲ ਨੌਜਵਾਨ ਵਰਗ ਲਈ ਖਾਸ ਨੀਤੀਆਂ ਬਣਾ ਕੇ ਜਿੱਥੇ ਖੇਡ ਸੱਭਿਆਚਾਰ ਨੂੰ ਪਹਿਲਾਂ ਦੀ ਤਰ੍ਹਾਂ ਪ੍ਰਫੁੱਲਿਤ ਕੀਤਾ ਜਾਵੇਗਾ, ਉੱਥੇ ਹੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਤੇ ਹੁਣ ਉਨ੍ਹਾਂ ਦਾ ਰੁਝਾਨ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ। ਗੁਰਸਿਮਰ ਸਿੰਘ ਨੇ ਕਿਹਾ ਕਿ ਹਲਕਾ ਫਗਵਾੜਾ ਵਿੱਚ ਪਾਰਟੀ ਦੀ ਮਜ਼ਬੂਤੀ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵੱਡੀ ਤਾਕਤ ਵਜੋਂ ਉਭਰੇਗਾ। ਗੁਰਸਿਮਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਐੱਸਓਆਈ ਵੀ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ ਤਾਂ ਜੋ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਅ ਤੇ ਲੋਕਹਿਤੈਸ਼ੀ ਦਿਸ਼ਾ ਦਿੱਤੀ ਜਾ ਸਕੇ।