- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਦੀ ਹੈ : ਉਮੇਸ਼ ਸ਼ਾਰਦਾ

ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਇਤਹਾਸਿਕ ਉਪਰਾਲਾ : ਭਾਜਪਾ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਵਿੱਚ ਲਗਾਤਾਰ ਵਧ ਰਹੀ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਇਤਹਾਸਿਕ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਪ੍ਰਚਲਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਪਹੁੰਚੇਗੀ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਕਰਨ ਦਾ ਸੁਨੇਹਾ ਦੇਵੇਗੀ। ਯਾਤਰਾ ਰਾਹੀਂ ਖਾਸ ਤੌਰ ’ਤੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕੀਤਾ ਜਾਵੇਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਵਧਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇੱਥੋਂ ਦੀ ਨੌਜਵਾਨ ਪੀੜ੍ਹੀ ਹੈ, ਪਰ ਅੱਜ ਨਸ਼ਾ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਸ਼ਾਰਦਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਲੜਾਈ ਹੈ। ਭਾਜਪਾ ਇਸ ਮੁਹਿੰਮ ਰਾਹੀਂ ਆਮ ਲੋਕਾਂ, ਸਮਾਜਿਕ ਸੰਸਥਾਵਾਂ, ਨੌਜਵਾਨਾਂ ਤੇ ਵੱਖ-ਵੱਖ ਵਰਗਾਂ ਨੂੰ ਨਾਲ ਲੈ ਕੇ ਨਸ਼ਿਆਂ ਖ਼ਿਲਾਫ਼ ਮਜ਼ਬੂਤ ਜਨ ਅੰਦੋਲਨ ਖੜ੍ਹਾ ਕਰਨ ਦਾ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਦਾ ਮਕਸਦ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ ਭਵਿੱਖ ਦੇਣਾ ਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦੋਂ ਕਿ ਪੰਜਾਬ ਵਿੱਚ ਰੋਜ਼ਾਨਾ ਨਸ਼ਿਆਂ ਦੀ ਓਵਰਡੋਜ਼ ਕਰਕੇ ਨੌਜਵਾਨ ਮਰ ਰਹੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲਿਆਂ ਨੂੰ ਵੀ ਮੌਤ ਦੀ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਲਈ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਸੱਤਾ ਵਿੱਚ ਆਉਂਦਿਆਂ ਹੀ ਨਸ਼ਿਆਂ ਤੇ ਲਗਾਮ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹੀ ਦੇਸ਼ ਦੀ ਇੱਕੋ-ਇੱਕ ਪਾਰਟੀ ਹੈ ਜੋ ਦੇਸ਼ ਨੂੰ ਵਿਕਾਸ ਵੱਲ ਲਿਜਾ ਸਕਦੀ ਹੈ।