ਬੇਬੇ ਨਾਨਕੀ ਕਾਲਜ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਪੰਜਾਬ ਦਾ ਕਰੋੜਪਤੀ ਕੁਇਜ਼ ਮੁਕਾਬਲੇ ਸਬੰਧੀ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Publish Date: Tue, 24 Nov 2026 07:29 PM (IST)
Updated Date: Tue, 24 Nov 2026 07:31 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫਾਰ ਗਰਲਜ਼ ਫੱਤੂਢੀਂਗਾ ਵਿਖੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰਾਜ ਪੱਧਰੀ ਕੁਇਜ਼ ਮੁਕਾਬਲੇ ‘ਪੰਜਾਬ ਦਾ ਕਰੋੜਪਤੀ’ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਤੇ ਇਸ ਮੁਕਾਬਲੇ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਦੀਪਕ ਕਪਤਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਪਤਾਨ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੇ ਉਦੇਸ਼ਾਂ ਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਵਿਦਿਆਰਥੀਆਂ ਨੂੰ ਆਪਣੇ ਸੂਬੇ ਦੇ ਇਤਿਹਾਸ, ਅਮੀਰ ਸੱਭਿਆਚਾਰ, ਗੌਰਵਮਈ ਵਿਰਾਸਤ, ਮਹਾਨ ਸ਼ਖ਼ਸੀਅਤਾਂ, ਪੰਜਾਬੀ ਸਾਹਿਤ, ਭੂਗੋਲ ਤੇ ਪ੍ਰਸ਼ਾਸਨਿਕ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦਾ ਇੱਕ ਵਧੀਆ ਮੌਕਾ ਪ੍ਰਦਾਨ ਕਰਦਾ ਹੈ। ਇਸ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀਆਂ ਜੜ੍ਹਾਂ, ਇਤਿਹਾਸਕ ਵਿਰਾਸਤ ਅਤੇ ਸੱਭਿਆਚਾਰਕ ਪਛਾਣ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਹੈ। ਇਸ ਮੌਕੇ ਵਿਦਿਆਰਥਣਾਂ ਨੇ ਵੀ ਮੁਕਾਬਲੇ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਦਿਲਚਸਪੀ ਦਿਖਾਈ ਤੇ ਆਪਣੇ ਸਵਾਲਾਂ ਰਾਹੀਂ ਮੁਕਾਬਲੇ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਮੁੱਖ ਮਹਿਮਾਨ ਦੀਪਕ ਕਪਤਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਗਿਆਨ-ਆਧਾਰਿਤ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।