ਸਰਕਾਰੀ ਸਕੂਲ ’ਚ ਪਰਾਲੀ ਨਾ ਸਾੜਨ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ ਸਰਕਾਰੀ ਸਕੂਲ (ਲੜਕੀਆਂ) ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ
Publish Date: Fri, 30 Oct 2026 09:34 PM (IST)
Updated Date: Fri, 30 Oct 2026 09:34 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਕਪੂਰਥਲਾ, ਜ਼ਿਲ੍ਹਾ ਕਪੂਰਥਲਾ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਕਪੂਰਥਲਾ ਵਿਖੇ ਵਿਦਿਆਰਥਣਾਂ ਦੇ ਪੇਂਟਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀਆਂ ਕਲਾਤਮਕ ਤੇ ਰਚਨਾਤਮਕ ਯੋਗਤਾਵਾਂ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਨਵਚੇਤਨ ਸਿੰਘ ਨੇ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਵਿਦਿਆਰਥੀ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਰਾਹੀਂ ਇਹ ਸੁਨੇਹਾ ਹਰ ਘਰ ਤੇ ਕਿਸਾਨ ਪਰਿਵਾਰ ਤੱਕ ਪਹੁੰਚਾਇਆ ਜਾ ਸਕਦਾ ਹੈ। ਮੁਕਾਬਲਿਆਂ ਦੌਰਾਨ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ, ਕਪੂਰਥਲਾ ਗੁਰਵਿੰਦਰ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ, ਮਨੁੱਖੀ ਸਿਹਤ ਤੇ ਮਿੱਟੀ ਦੀ ਉਪਜਾਊ ਸ਼ਕਤੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਣਬੀਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਕਪੂਰਥਲਾ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।